ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ Please explain
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਭੈਣ ਹਰਨੂਰ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਨਾਨਕ ‘ਕੂੜੈ ਕਤਿਐ ਕੂੜਾ ਤਣੀਐ ਤਾਣੁ’ ਲਿੱਖ ਕੇ ਵਿਚਾਰ ਮੰਗੀ ਹੈ। ਇਸ ਤੋਂ ਅਗਲੀ ਪੰਗਤੀ ਹੈ ‘ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ।’
ਇਨ੍ਹਾਂ ਪੰਗਤੀਆਂ ਦੇ ਅਰਥ ਹਨ ‘ਹੇ ਨਾਨਕ! “ਕੂੜ” (ਦਾ ਸੂਤਰ) ਕੱਤਣ ਲਈ “ਕੂੜ” ਦਾ ਹੀ ਤਾਣਾ ਚਾਹੀਦਾ ਹੈ, “ਕੂੜ” ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ “ਕੂੜ”-ਰੂਪ ਪੁਸ਼ਾਕ ਦੇ ਕਾਰਨ “ਕੂੜ” ਹੀ ਵਡਿਆਈ ਮਿਲਦੀ ਹੈ)।
ਇਹ ਪੰਗਤੀ, ਜਿਸ ਬਾਰੇ ਤੁਸੀਂ ਵਿਚਾਰ ਮੰਗੀ ਹੈ, ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੀ ਸੂਹੀ ਰਾਗ ਵਿਚ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 785 ਤੋਂ 792 ਤੇ ਸੁਸ਼ੋਭਿਤ ਹੈ, ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਸਲੋਕ ਵਿਚੋਂ ਹੈ।
ਹਾਲਾਂ ਕਿ ਵਾਰ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਦੀ ਉਚਾਰਨ ਕੀਤੀ ਹੋਈ ਹੈ ਪਰ ਉਨ੍ਹਾਂ ਨੇ ‘ਵਾਰ’ ਲਿਖਣ ਵੇਲੇ ਸਿਰਫ਼ ਪਉੜੀਆਂ ਉਚਾਰੀਆਂ ਸਨ, ਕੋਈ ਸਲੋਕ ਨਹੀਂ ਉਚਾਰਿਆ। ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ‘ਆਦਿ ਗ੍ਰੰਥ ਦੀ ਬੀੜ’ ਤਿਆਰ ਕਰਨ ਵੇਲੇ ਪਉੜੀਆਂ ਦੇ ਨਾਲ ਸਲੋਕ ਦਰਜ ਕੀਤੇ ਸਨ ਤੇ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਸਾਰੀਆਂ ਵਾਰਾਂ ਨਾਲ ਦਰਜ ਕਰਨ ਪਿਛੋਂ ਜੋ ਸਲੋਕ ਵਧ ਰਹੇ ਸਨ, ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਅਖ਼ੀਰ ਵਿਚ ਇਕੱਠੇ “ਸਲੋਕ ਵਾਰਾਂ ਤੇ ਵਧੀਕ” ਦੇ ਸਿਰ-ਲੇਖ ਹੇਠ ਦਰਜ ਕਰ ਦਿੱਤੇ ਸਨ।
ਪੂਰੀ ਗੱਲ ਸਮਝਾਉਣ ਲਈ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਸਲੋਕ, ਜਿਸ ਵਿਚ ਇਹ ਪੰਗਤੀ ਹੈ, ਇਸ ਤੋਂ ਅਗਲਾ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਉਚਾਰਿਆ ਹੋਇਆ ਸਲੋਕ ਤੇ ਤੀਜੇ ਗੁਰੂ ਸਰੀਰ ਦੀ ਉਚਾਰਨ ਕੀਤੀ 14ਵੀਂ ਪਉੜੀ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਦਾਸ ਦੀ ਸਮਝ ਅਨੁਸਾਰ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਮਨਮੁਖਾਂ ਨੂੰ, ਆਪਣੇ ਜਨਮ ਤੋਂ ਬਾਅਦ ਗ੍ਰਹਿਣ ਕੀਤੇ ਸੰਸਕਾਰ, (ਅਰਥਾਤ ਜੋ ਗੁਰਮਤਿ ਅਨੁਸਾਰ ਪਿੱਛਲਾ ਜਨਮ ਹੈ), ਗੁਰੂ ਸਾਹਿਬ ਦੁਆਰਾ ਦੱਸੀ ਜੀਵਨ ਜਾਚ ਅਪਨਾ ਕੇ ਪਰਮਾਤਮਾ ਨਾਲ ਜੁੜਨ ਨਹੀਂ ਦਿੰਦੇ ਤੇ ਮਨਮੁਖ ਠੇਡੇ ਖਾਂਦੇ ਖਾਂਦੇ ਆਪਣੇ ਰਤਨ ਜਨਮ ਨੂੰ ਗਵਾ ਕੇ ਇਸ ਸੰਸਾਰ ਤੋਂ ਕੂਚ ਕਰ ਜਾਂਦੇ ਹਨ।
ਇਸ ਦੇ ਉਲਟ ਜੋ ਗੁਰੂ ਦੇ ਸਨਮੁਖ ਹਨ ਅਰਥਾਤ ਗੁਰਮੁਖ ਹਨ, ਉਹ ਗੁਰੂ ਦੇ ਉਪਦੇਸ਼ ਅਨੁਸਾਰ ਆਪਣੇ ਜੀਵਨ ਨੂੰ ਚਲਾਉਂਦੇ ਹਨ ਤੇ ਅਕਾਲਪੁਰਖ ਦੀ ਬਖਸ਼ਿਸ਼ ਸਦਕਾ ਆਪਣੇ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਇਸ ਸੰਸਾਰ ਸਮੁੰਦਰ ਤੋਂ ਪਾਰ ਹੋ ਕੇ ਜੀਵਨ ਮੁਕਤ ਹੋ ਜਾਂਦੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————
ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ {ਪੰਨਾ 790}
ਅਰਥ: ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ; ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ। (ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ) ।
ਹੇ ਨਾਨਕ! “ਕੂੜ” (ਦਾ ਸੂਤਰ) ਕੱਤਣ ਲਈ “ਕੂੜ” ਦਾ ਹੀ ਤਾਣਾ ਚਾਹੀਦਾ ਹੈ, “ਕੂੜ” ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ “ਕੂੜ”-ਰੂਪ ਪੁਸ਼ਾਕ ਦੇ ਕਾਰਨ “ਕੂੜ” ਹੀ ਵਡਿਆਈ ਮਿਲਦੀ ਹੈ (ਭਾਵ, “ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ”) ।੧।
ਮਃ ੧ ॥ ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨ੍ਹ੍ਹੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥ {ਪੰਨਾ 790}
ਅਰਥ: (ਮੁੱਲਾਂ) ਬਾਂਗ ਦੇ ਕੇ, (ਫ਼ਕੀਰ) ਤੂਤੀ ਵਜਾ ਕੇ, (ਜੋਗੀ) ਸਿੰਙੀ ਵਜਾ ਕੇ, (ਮਿਰਾਸੀ) ਕਲਾਣ ਕਰ ਕੇ (ਲੋਕਾਂ ਦੇ ਦਰ ਤੋਂ ਮੰਗਦੇ ਹਨ) ; (ਸੰਸਾਰ ਵਿਚ ਇਸ ਤਰ੍ਹਾਂ ਦੇ) ਕਈ ਮੰਗਤੇ ਤੇ ਕਈ ਦਾਤੇ ਹਨ, ਪਰ ਮੈਨੂੰ ਤੇਰਾ ਨਾਮ ਹੀ ਚਾਹੀਦਾ ਹੈ।
ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ ਸੁਣ ਕੇ ਉਸ ਵਿਚ ਮਨ ਨੂੰ ਜੋੜ ਲਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ।੨।
ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥ {ਪੰਨਾ 790}
ਅਰਥ: ਮਾਇਆ ਦਾ ਮੋਹ ਨਿਰੋਲ ਇਕ ਛਲ ਹੈ, (ਆਖ਼ਰ) ਛਲ ਹੀ (ਸਾਬਤ) ਹੁੰਦਾ ਹੈ, ਪਰ ਪ੍ਰਭੂ ਨੇ (ਮਾਇਆ ਦੇ ਮੋਹ ਵਿਚ ਜੀਵ ਫਸਾ ਕੇ) ‘ਹਉਮੈ’ ਦਾ ਗੇੜ ਪੈਦਾ ਕਰ ਦਿੱਤਾ ਹੈ ਇਸ ਗੇੜ ਵਿਚ (ਪੈ ਕੇ) ਜਗਤ ਦੁਖੀ ਹੋ ਰਿਹਾ ਹੈ।
ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਸ ਦਾ ਇਹ ਝੰਬੇਲਾ ਪ੍ਰਭੂ ਨੇ ਆਪ ਮੁਕਾ ਦਿੱਤਾ ਹੈ, ਉਸ ਨੂੰ ਇਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ; ਗੁਰਮੁਖ ਹਰ ਥਾਂ ਪਰਮਾਤਮਾ ਨੂੰ ਹੀ ਪਛਾਣਦਾ ਹੈ ਤੇ ਇਸ ਤਰ੍ਹਾਂ ਇਸ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ; ਉਸ ਦੀ ਆਤਮਾ ਪਰਮਾਤਮਾ ਵਿਚ ਲੀਨ ਹੁੰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ।੪।