ਸਚੀ ਭਗਤੀ ਕੀ ਹੈ? ਇਹ ਕੀ ਵਾਸਤੇ ਹੈ ਕਿ ਇੱਕ ਸਿੱਖ ਦੁਨੀਆ ਦਾ ਮਿੱਤਰ ਬਣ ਜਾਵੇ, ਜਿਸ ਵਿਚ ਕੋਈ ਦੂਜਾ ਨਹੀਂ? What is true devotion? Is it when a Sikh becomes a friend of the world, in which there is no duality?
ਸਚੀ ਭਗਤੀ ਕੀ ਹੈ? ਇਹ ਕੀ ਵਾਸਤੇ ਹੈ ਕਿ ਇੱਕ ਸਿੱਖ ਦੁਨੀਆ ਦਾ ਮਿੱਤਰ ਬਣ ਜਾਵੇ, ਜਿਸ ਵਿਚ ਕੋਈ ਦੂਜਾ ਨਹੀਂ? What is true devotion? Is it when a Sikh becomes a friend of the world, in which there is no duality?
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੁਆਰਾ ਗਉੜੀ ਰਾਗ ਵਿਚ ਉਚਾਰਨ ਕੀਤੇ ਇਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 153 ਤੇ ਸੁਸ਼ੋਭਿਤ ਹੈ, ਦੀ ਉਦਾਹਰਣ ਦੇ ਰਿਹਾ ਹੈ ਜਿਸ ਵਿਚ ਗੁਰੂ ਸਾਹਿਬ ਦੁਬਿਧਾ ਦੂਰ ਕਰਨ ਦੀ ਗੱਲ ਕਰ ਰਹੇ ਹਨ। ਗੁਰੂ ਗ੍ਰੰਥ ਸਾਹਿਬ ਵਿਚ ਦੁਬਿਧਾ ਨੂੰ ਲੈ ਕੇ ਹੋਰ ਵੀ ਬਹੁਤ ਸਾਰੇ ਸ਼ਬਦ ਹਨ।
ਇਸ ਸ਼ਬਦ ਵਿਚ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਸ਼ਬਦ ਗੁਰੂ ਦਾ ਉਪਦੇਸ਼ ਮੰਨ ਕੇ ਕਿਵੇਂ ਦੁਬਿਧਾ (Duality) ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਹੁਕਮ ਰੂਪ ਅਕਾਲਪੁਰਖ ਨਾਲ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਕਿਵੇਂ ਜੁੜਿਆ ਜਾ ਸਕਦਾ ਹੈ ਤਾਂ ਜੋ ਸਦੀਵੀ ਆਤਮਿਕ ਜੀਵਨ ਦੀ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਦੀ ਪ੍ਰਾਪਤੀ ਹੋ ਜਾਵੇ ਤੇ ਮਨੁੱਖ ਇਸੇ ਜੀਵਨ ਵਿਚ ਸਰੀਰਕ ਮੌਤ ਦਾ ਡਰ ਲਾਹ ਕੇ ਆਤਮਿਕ ਤੌਰ ਤੇ ਮੁਕਤ ਹੋ ਸਕੇ।
ਇਸ ਆਤਮਿਕ ਅਵਸਥਾ ਵਿਚ ਪਹੁੰਚ ਕੇ ਕੋਈ ਵੈਰੀ ਨਹੀਂ ਰਹਿ ਜਾਂਦਾ ਜਿਵੇਂ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਹੇਠ ਲਿੱਖੇ ਸ਼ਬਦ ਵਿਚ ਸਮਝਾ ਰਹੇ ਹਨ:-
ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥ {ਪੰਨਾ 1299}
ਅਰਥ: ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, (ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ।1। ਰਹਾਉ।
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।1।
ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ। ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ।2।
ਹੇ ਨਾਨਕ! (ਆਖ– ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ।3।8।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————-
ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥ {ਪੰਨਾ 153}
ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਉਹ ਮੌਤ ਵਿਖਾ ਦੇਂਦਾ ਹੈ (ਵਿਕਾਰਾਂ ਵਲੋਂ ਉਹ ਮੌਤ ਉਸ ਦੇ ਜੀਵਨ-ਤਜਰਬੇ ਵਿਚ ਲਿਆ ਦੇਂਦਾ ਹੈ) ਜਿਸ ਮੌਤ ਦਾ ਆਨੰਦ (ਤੇ ਉਸ ਤੋਂ ਪੈਦਾ ਹੋਏ) ਸਦੀਵੀ ਆਤਮਕ ਜੀਵਨ ਦਾ ਆਨੰਦ ਉਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਪਿਆਰਾ ਲੱਗਣ ਪੈਂਦਾ ਹੈ। ਉਹ ਮਨੁੱਖ (ਸਰੀਰ ਆਦਿਕ ਦਾ) ਅਹੰਕਾਰ ਦੂਰ ਕਰ ਕੇ ਉਹ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਸੁਰਤਿ ਉੱਚੀਆਂ ਉਡਾਰੀਆਂ ਲਾਂਦੀ ਰਹੇ।1।
ਜੇ ਸਤਿਗੁਰੂ ਮਿਲ ਪਏ, ਤਾਂ ਮਨੁੱਖ ਦੀ ਦੁਬਿਧਾ ਦੂਰ ਹੋ ਜਾਂਦੀ ਹੈ, ਹਿਰਦੇ ਦਾ ਕੌਲ-ਫੁੱਲ ਖਿੜ ਕੇ ਉਸ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੀ ਮਾਇਆ ਦੇ ਮੋਹ ਤੋਂ ਉੱਚਾ ਰਹਿੰਦਾ ਹੈ, ਉਸ ਨੂੰ ਪਰਤੱਖ ਤੌਰ ਤੇ ਪਰਮਾਤਮਾ ਦੇ ਸਿਮਰਨ ਦਾ ਮਹਾ ਆਨੰਦ ਅਨੁਭਵ ਹੁੰਦਾ ਹੈ।2।
ਜੇ ਗੁਰੂ ਮਿਲ ਪਏ, ਤਾਂ ਮਨੁੱਖ ਸਿਮਰਨ ਦੀ ਜੁਗਤਿ ਵਿਚ ਰਹਿ ਕੇ ਪਵਿਤ੍ਰ-ਆਤਮਾ ਹੋ ਜਾਂਦਾ ਹੈ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਪੌੜੀ ਦਾ ਆਸਰਾ ਲੈ ਕੇ (ਆਤਮਕ ਜੀਵਨ ਵਿਚ) ਉੱਚਾ ਹੀ ਉੱਚਾ ਹੁੰਦਾ ਜਾਂਦਾ ਹੈ। (ਪਰ ਇਹ ਸਿਮਰਨ ਪ੍ਰਭੂ ਦੀ) ਮਿਹਰ ਨਾਲ ਮਿਲਦਾ ਹੈ, (ਜਿਸ ਨੂੰ ਮਿਲਦਾ ਹੈ ਉਸ ਦਾ) ਮੌਤ ਦਾ ਡਰ ਲਹਿ ਜਾਂਦਾ ਹੈ।3।
ਜੇ ਗੁਰੂ ਮਿਲ ਪਏ ਤਾਂ ਮਨੁੱਖ ਪ੍ਰਭੂ ਦੀ ਯਾਦ ਵਿਚ ਜੁੜ ਕੇ ਪ੍ਰਭੂ ਦੇ ਚਰਨਾਂ ਵਿਚ ਲੀਨ ਹੋਇਆ ਰਹਿੰਦਾ ਹੈ। ਗੁਰੂ ਮਿਹਰ ਕਰ ਕੇ ਉਸ ਨੂੰ ਉਹ ਆਤਮਕ ਅਵਸਥਾ ਵਿਖਾ ਦੇਂਦਾ ਹੈ ਜਿੱਥੇ ਪ੍ਰਭੂ ਦਾ ਮਿਲਾਪ ਹੋਇਆ ਰਹੇ। ਹੇ ਨਾਨਕ! ਉਸ ਮਨੁੱਖ ਦੀ ਹਉਮੈ ਦੂਰ ਕਰ ਕੇ ਗੁਰੂ ਉਸ ਨੂੰ ਪ੍ਰਭੂ ਨਾਲ ਇਕ-ਮਿਕ ਕਰ ਦੇਂਦਾ ਹੈ।4।9।