Can I change my destiny by doing path?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਅਜੂਨੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਜੋ ਕਿ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਹਾਂ ਜੀ, ਤੁਸੀਂ ਪਾਠ ਕਰਕੇ, ਅਰਥਾਤ ਗੁਰਬਾਣੀ ਪੜ੍ਹ ਕੇ, ਮਿਲੀ ਹੋਈ ਸਿੱਖਿਆ ਤੇ ਚੱਲ ਕੇ, ਅਰਥਾਤ ਅਮਲ ਕਰ ਕੇ, ਆਪਣਾ ਜੀਵਨ ਅਰਥਾਤ, ਆਪਣੀ ਕਹੀ ਜਾਂਦੀ ਕਿਸਮਤ ਨੂੰ ਬਦਲ ਸਕਦੇ ਹੋ। ਹੇਠਾਂ ਦਿੱਤੀ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 444 ਤੋਂ ਗੁਰਬਾਣੀ ਦੀ ਤੁੱਕ ਤੇ ਉਸ ਦੇ ਅਰਥ, ਤੁਹਾਡੇ ਵਿਚਾਰ ਵਾਸਤੇ ਹਨ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਇੱਕ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ” ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਇਸ ਲਈ ਕਿਸਮਤ (Pre-destined) ਸਿੱਖੀ ਦਾ ਸਿਧਾਂਤ ਨਹੀਂ ਹੈ । ਜਿਵੇਂ ਕਿ ਉੱਪਰ ਦੱਸਿਆ ਗਿਆ ਹੈ, ਜਨਮ ਹੋਣ ਤੋਂ ਬਾਅਦ ਮਨੁੱਖ ਜੋ ਵੀ ਕਰਮ ਕਰਦਾ ਹੈ, ਉਸ ਨਾਲ ਉਸ ਦੇ ਸੰਸਕਾਰ ਬਣਦੇ ਹਨ ਤੇ ਉਹ ਹੀ ਅੱਗੇ ਦੀ ਜ਼ਿੰਦਗੀ ਚਲਾਉਂਦੇ ਹਨ ਅਤੇ ਇਹ ਸੰਸਕਾਰ ਬਦਲੇ ਜਾ ਸਕਦੇ ਹਨ ਅਰਥਾਤ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ, ਮਨੁੱਖ ਮਨਮੁਖ (Manmukh) ਤੋਂ ਗੁਰਮੁਖ (Gurmukh) ਬਣ ਸਕਦਾ ਹੈ ਤੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਆਤਮਿਕ ਅਡੋਲਤਾ (Spiritual equipoise) ਤੇ ਆਤਮਿਕ ਆਨੰਦ (Spiritual bliss) ਦੀ ਅਵਸਥਾ ਪ੍ਰਾਪਤ ਕਰ ਸਕਦਾ ਹੈ ਤੇ ਇਸੇ ਜਨਮ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦਾ ਹੈ (Attain salvation/emancipation in this life itself)।
ਇਸ ਤਰ੍ਹਾਂ ਸਿੱਖ ਨੇ ਆਪਣੇ ਜਨਮ ਤੋਂ ਬਾਅਦ ਕੀਤੇ ਹੋਏ ਕਰਮਾਂ ਕਰਕੇ, ਜੋ ਸੰਸਕਾਰ ਬਣੇ ਹਨ, ਉਨ੍ਹਾਂ ਨੂੰ ਬਦਲ ਕੇ ਆਪਣੀ ਕਿਸਮਤ ਆਪ ਬਣਾਉਣੀ ਹੈ। ਦੂਜੇ ਗੁਰੂ ਸਰੀਰ, ਗੁਰੂ ਅੰਗਦ ਸਾਹਿਬ ਤੋਂ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੀਆਂ ਉਦਾਹਰਣਾਂ ਸਾਡੇ ਸਾਹਮਣੇ ਹਨ ਕਿ ਕਿਵੇਂ ਉਨ੍ਹਾਂ ਨੇ ਆਪਣੇ ਜਨਮ ਤੋਂ ਬਾਅਦ ਗ੍ਰਹਿਣ ਕੀਤੇ ਹਿੰਦੂ ਸੰਸਕਾਰਾਂ ਤੋਂ ਛੁਟਕਾਰਾ ਪਾਇਆ, ਅਕਾਲਪੁਰਖ ਤੇ ਸ਼ਬਦ ਗੁਰੂ ਨਾਲ ਜੁੜੇ ਤੇ ਆਪਣੇ ਜੀਵਨ ਨੂੰ ਬਦਲ ਕੇ ਗੁਰੂ ਪਦਵੀ ਪ੍ਰਾਪਤ ਕੀਤੀ। ਇਹ ਆਪਣੇ ਆਪ ਵਿਚ ਇੱਕ ਕਮਾਲ (Marvel or Amazing Achievement) ਸੀ, ਜੋ ਕੋਈ ਵੀ ਮਨੁੱਖ ਆਪਣੇ ਜੀਵਨ ਵਿਚ ਕਰ ਸਕਦਾ ਹੈ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਆਪਣੇ ਦਿੱਤੇ ਗੁਰਮਤਿ ਸਿਧਾਂਤ ‘ਕਿਵ ਕੂੜੇ ਤੂਟੈ ਪਾਲਿ’ ਦੇ ਅੰਤ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਸੰਖੇਪ ਵਿਚ ਸਮਝਾਉਣ ਲਈ ‘ਗੁਰਮਤਿ ਦੀ ਪਟੜੀ’ ਦੇ ਸਿਰਲੇਖ ਹੇਠ ਇਹ ਵਿਚਾਰ ਦਿੱਤੇ ਹਨ, ਜਿਨ੍ਹਾਂ ਤੇ ਗੌਰ ਕਰਨ ਦੀ ਲੋੜ ਹੈ:-
“ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।”
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————
ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥ {ਪੰਨਾ 444}
ਅਰਥ: (ਪ੍ਰੇਮ ਦੀ ਬਰਕਤਿ ਨਾਲ) ਗੁਰੂ ਸਿੱਖ (ਨਾਲ ਇਕ-ਰੂਪ ਹੋ ਜਾਂਦਾ) ਹੈ ਅਤੇ ਸਿੱਖ ਗੁਰੂ (ਵਿਚ ਲੀਨ ਹੋ ਜਾਂਦਾ) ਹੈ, ਸਿੱਖ ਭੀ ਗੁਰੂ ਵਾਲੇ ਉਪਦੇਸ਼ (ਦੀ ਲੜੀ) ਨੂੰ ਅਗਾਂਹ ਤੋਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਪਰਮਾਤਮਾ ਦੇ ਨਾਮ ਦਾ ਮੰਤਰ ਹਿਰਦੇ ਵਿਚ (ਵਸਾਣ ਲਈ) ਦੇਂਦਾ ਹੈ, ਪ੍ਰੇਮ ਦਾ ਸਦਕਾ ਉਸ ਦਾ ਮਿਲਾਪ (ਪਰਮਾਤਮਾ ਨਾਲ) ਹੋ ਜਾਂਦਾ ਹੈ।8।2।9।
ਤੁਹਾਡੇ ਸਹਾਇਤਾ ਲਈ ਧੰਨਵਾਦ! (Thank you for your help!)
yes by doing good deeds and reciting bani. many examples in sikh history
You can become more productive by doing Path and change your destiny.