How can we live life fully while constantly contemplating death and impending doom? How do we reconcile the reminders of death in Gurbani with the need to stay positive and focus on the positive aspects of life for personal growth?
How can we live life fully while constantly contemplating death and impending doom? How do we reconcile the reminders of death in Gurbani with the need to stay positive and focus on the positive aspects of life for personal growth?
Share
ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਰੀਰਕ ਮੌਤ ਤਾਂ ਆਉਣੀ ਹੀ ਆਉਣੀ ਹੈ ਕਿਉਂਕਿ ਗੁਰੂ ਗ੍ਰੰਥ ਸਾਹਿਬ ਸਿੱਖਿਆ ਦੇਂਦੇ ਹਨ:
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ।।
ਅਰਥ: ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ।।
ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥
ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।।
ਲੇਕਿਨ ਸਿੱਖ ਨੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜ ਕੇ ਇਸ ਸਰੀਰਕ ਮੌਤ ਦੇ ਡਰ ਤੋਂ ਉੱਪਰ ਉੱਠਣਾ ਹੈ। ਕਬੀਰ ਜੀ ਸਮਝਾਉਂਦੇ ਹਨ:-
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੁਆਰਾ ਗਉੜੀ ਰਾਗ ਵਿਚ ਉਚਾਰਨ ਕੀਤੇ ਇਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 153 ਤੇ ਸੁਸ਼ੋਭਿਤ ਹੈ, ਦੀ ਉਦਾਹਰਣ ਦੇ ਰਿਹਾ ਹੈ ਜਿਸ ਵਿਚ ਗੁਰੂ ਸਾਹਿਬ ਸਰੀਰਕ ਤੇ ਆਤਮਿਕ ਮੌਤ ਦੀ ਦੁਬਿਧਾ (Duality) ਦੂਰ ਕਰਨ ਦੀ ਗੱਲ ਕਰ ਰਹੇ ਹਨ। ਗੁਰੂ ਗ੍ਰੰਥ ਸਾਹਿਬ ਵਿਚ ਦੁਬਿਧਾ ਨੂੰ ਲੈ ਕੇ ਹੋਰ ਵੀ ਬਹੁਤ ਸਾਰੇ ਸ਼ਬਦ ਹਨ।
ਇਸ ਸ਼ਬਦ ਵਿਚ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਸ਼ਬਦ ਗੁਰੂ ਦਾ ਉਪਦੇਸ਼ ਮੰਨ ਕੇ ਕਿਵੇਂ ਦੁਬਿਧਾ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਹੁਕਮ ਰੂਪ ਅਕਾਲਪੁਰਖ ਨਾਲ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਕਿਵੇਂ ਜੁੜਿਆ ਜਾ ਸਕਦਾ ਹੈ ਤਾਂ ਜੋ ਸਦੀਵੀ ਆਤਮਿਕ ਜੀਵਨ ਦੀ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਦੀ ਪ੍ਰਾਪਤੀ ਹੋ ਜਾਵੇ ਤੇ ਮਨੁੱਖ ਇਸੇ ਜੀਵਨ ਵਿਚ ਸਰੀਰਕ ਮੌਤ ਦਾ ਡਰ ਲਾਹ ਕੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕੇ।
ਸਿੱਖ ਇਤਿਹਾਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੁਰੂ ਸਾਹਿਬਾਨ, ਚਾਰ ਸਾਹਿਬਜ਼ਾਦੇ, ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਅਨੇਕਾਂ ਸਿੱਖਾਂ ਨੇ ਸਮੇਂ ਦੀਆਂ ਸਰਕਾਰਾਂ ਦੇ ਅੱਗੇ ਗੋਡੇ ਟੇਕਣ ਦੀ ਬਜਾਏ ਸਰੀਰਕ ਮੌਤ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਪਰ ਆਤਮਿਕ ਮੌਤ ਨਹੀਂ ਮਰੇ ਤੇ ਸਦਾ ਲਈ ਅਮਰ ਹੋ ਗਏ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————-
ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥ {ਪੰਨਾ 153}
ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਉਹ ਮੌਤ ਵਿਖਾ ਦੇਂਦਾ ਹੈ (ਵਿਕਾਰਾਂ ਵਲੋਂ ਉਹ ਮੌਤ ਉਸ ਦੇ ਜੀਵਨ-ਤਜਰਬੇ ਵਿਚ ਲਿਆ ਦੇਂਦਾ ਹੈ) ਜਿਸ ਮੌਤ ਦਾ ਆਨੰਦ (ਤੇ ਉਸ ਤੋਂ ਪੈਦਾ ਹੋਏ) ਸਦੀਵੀ ਆਤਮਕ ਜੀਵਨ ਦਾ ਆਨੰਦ ਉਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਪਿਆਰਾ ਲੱਗਣ ਪੈਂਦਾ ਹੈ। ਉਹ ਮਨੁੱਖ (ਸਰੀਰ ਆਦਿਕ ਦਾ) ਅਹੰਕਾਰ ਦੂਰ ਕਰ ਕੇ ਉਹ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਸੁਰਤਿ ਉੱਚੀਆਂ ਉਡਾਰੀਆਂ ਲਾਂਦੀ ਰਹੇ।1।
ਜੇ ਸਤਿਗੁਰੂ ਮਿਲ ਪਏ, ਤਾਂ ਮਨੁੱਖ ਦੀ ਦੁਬਿਧਾ ਦੂਰ ਹੋ ਜਾਂਦੀ ਹੈ, ਹਿਰਦੇ ਦਾ ਕੌਲ-ਫੁੱਲ ਖਿੜ ਕੇ ਉਸ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੀ ਮਾਇਆ ਦੇ ਮੋਹ ਤੋਂ ਉੱਚਾ ਰਹਿੰਦਾ ਹੈ, ਉਸ ਨੂੰ ਪਰਤੱਖ ਤੌਰ ਤੇ ਪਰਮਾਤਮਾ ਦੇ ਸਿਮਰਨ ਦਾ ਮਹਾ ਆਨੰਦ ਅਨੁਭਵ ਹੁੰਦਾ ਹੈ।2।
ਜੇ ਗੁਰੂ ਮਿਲ ਪਏ, ਤਾਂ ਮਨੁੱਖ ਸਿਮਰਨ ਦੀ ਜੁਗਤਿ ਵਿਚ ਰਹਿ ਕੇ ਪਵਿਤ੍ਰ-ਆਤਮਾ ਹੋ ਜਾਂਦਾ ਹੈ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਪੌੜੀ ਦਾ ਆਸਰਾ ਲੈ ਕੇ (ਆਤਮਕ ਜੀਵਨ ਵਿਚ) ਉੱਚਾ ਹੀ ਉੱਚਾ ਹੁੰਦਾ ਜਾਂਦਾ ਹੈ। (ਪਰ ਇਹ ਸਿਮਰਨ ਪ੍ਰਭੂ ਦੀ) ਮਿਹਰ ਨਾਲ ਮਿਲਦਾ ਹੈ, (ਜਿਸ ਨੂੰ ਮਿਲਦਾ ਹੈ ਉਸ ਦਾ) ਮੌਤ ਦਾ ਡਰ ਲਹਿ ਜਾਂਦਾ ਹੈ।3।
ਜੇ ਗੁਰੂ ਮਿਲ ਪਏ ਤਾਂ ਮਨੁੱਖ ਪ੍ਰਭੂ ਦੀ ਯਾਦ ਵਿਚ ਜੁੜ ਕੇ ਪ੍ਰਭੂ ਦੇ ਚਰਨਾਂ ਵਿਚ ਲੀਨ ਹੋਇਆ ਰਹਿੰਦਾ ਹੈ। ਗੁਰੂ ਮਿਹਰ ਕਰ ਕੇ ਉਸ ਨੂੰ ਉਹ ਆਤਮਕ ਅਵਸਥਾ ਵਿਖਾ ਦੇਂਦਾ ਹੈ ਜਿੱਥੇ ਪ੍ਰਭੂ ਦਾ ਮਿਲਾਪ ਹੋਇਆ ਰਹੇ। ਹੇ ਨਾਨਕ! ਉਸ ਮਨੁੱਖ ਦੀ ਹਉਮੈ ਦੂਰ ਕਰ ਕੇ ਗੁਰੂ ਉਸ ਨੂੰ ਪ੍ਰਭੂ ਨਾਲ ਇਕ-ਮਿਕ ਕਰ ਦੇਂਦਾ ਹੈ।4।9।