How much devotion or spiritual practice is required to reach Sachkhand?"
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
First it is important to that SACH KHAND is the enlightened state of consciousness. SACH KHAND is when we destroy ego, duality and become one with SATGURU in our thoughts, behavior and SANSKARS. I think it needs lot of efforts. We need to read. listen to a SHABAD, understand the spiritual meaning, live that meaning in our daily life. Once we realize that enough of this egoistic, painful life and become one with SATGURU you are on the journey to reach SACH KHAND.
ਸਤਿਕਾਰ ਯੋਗ ਲੋਵੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਕਹਿਣਾ ਚਾਹੁੰਦਾ ਹੈ ਕਿ ਤੁਹਾਡੇ ਸਵਾਲ ਦਾ ਜਵਾਬ ਜਪੁ ਬਾਣੀ ਦੀਆਂ 34ਵੀਂ ਤੋਂ 37ਵੀਂ ਪਉੜੀਆਂ, ਜਿਨ੍ਹਾਂ ਵਿਚ ਗੁਰੂ ਸਾਹਿਬ ਨੇ ਪੰਜ ਖੰਡਾਂ ਦੀ ਵਿਚਾਰ ਦਿੱਤੀ ਹੈ, ਵਿਚ ਹੈ।
ਪ੍ਰੋਫੈਸਰ ਸਾਹਿਬ ਸਿੰਘ ਜੀ, ਜਿਨ੍ਹਾਂ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਦਾ ਟੀਕਾ (ਅਰਥ) ਕੀਤਾ ਹੈ, ਲਿੱਖਦੇ ਹਨ ਕਿ ਜਿਸ ਮਨੁੱਖ ਉੱਤੇ ਪ੍ਰਭੂ ਦੀ ਬਖ਼ਸ਼ਿਸ ਹੁੰਦੀ ਹੈ ਉਸ ਨੂੰ ਪਹਿਲਾਂ ਇਹ ਸਮਝ ਪੈਂਦੀ ਹੈ ਕਿ ਉਹ ਇਸ ਧਰਤੀ ‘ਤੇ ਕੋਈ ਖ਼ਾਸ ਫ਼ਰਜ਼ ਨਿਬਾਹੁਣ ਆਇਆ ਹੈ। ਜਦੋਂ ਮਨੁੱਖ ਇਸ ਆਪਣੇ ਫ਼ਰਜ਼ ਨੂੰ ਪਛਾਣਦਾ ਹੈ ਤਾਂ ‘ਧਰਮ ਖੰਡ’ ਦੀ ਅਵਸਥਾ ਵਿਚ ਦਾਖ਼ਲ ਹੁੰਦਾ ਹੈ। ਫ਼ਿਰ ਮਨੁੱਖ ਦੁਨੀਆ ਦੇ ਵਿਸ਼ੇ-ਵਿਕਾਰਾਂ ਵਲੋਂ ਪਰਤ ਕੇ ‘ਆਤਮਾ’ ਵੱਲ ਝਾਤੀ ਮਾਰਦਾ ਹੈ, ਤੇ ਇਹ ਸੋਚਦਾ ਹੈ ਕਿ ਮੇਰੇ ਜੀਵਨ ਦਾ ਕੀ ਮਨੋਰਥ ਹੈ, ਮੈਂ ਸੰਸਾਰ ਵਿਚ ਕਿਉਂ ਆਇਆ ਹਾਂ, ਮੇਰਾ ਕੀਹ ਫ਼ਰਜ਼ ਹੈ। ਇਸ ਅਵਸਥਾ ਵਿਚ ਮਨੁੱਖ ਇਹ ਵਿਚਾਰਦਾ ਹੈ ਕਿ ਇਸ ਧਰਤੀ ਉੱਤੇ ਉਹ ਧਰਮ ਕਮਾਉਣ ਲਈ ਆਇਆ ਹੈ।
ਜਿਉਂ ਜਿਉਂ ਮਨੁੱਖ ਦੀ ਸੁਰਤਿ ਇਹੋ ਜਿਹੇ ਖ਼ਿਆਲਾਂ ਵਿਚ ਜੁੜਦੀ ਹੈ, ਤਿਉਂ ਤਿਉਂ ਉਸ ਅੰਦਰੋਂ ‘ਸੁਆਰਥ’ ਦੀ ਗੰਢ ਖੁਲ੍ਹਦੀ ਜਾਂਦੀ ਹੈ। ਮਨੁੱਖ ਪਹਿਲਾਂ ਮਾਇਆ ਵਿਚ ਮਸਤ ਰਹਿਣ ਕਰਕੇ ਆਪਣੇ ਆਪ ਨੂੰ ਜਾਂ ਆਪਣੇ ਪ੍ਰਵਾਰ ਨੂੰ ਹੀ ‘ਆਪਣਾ’ ਜਾਣਦਾ ਸੀ ਤੇ ਇਹਨਾਂ ਤੋਂ ਪਰੇ ਹੋਰ ਕਿਸੇ ਵਿਚਾਰ ਵਿਚ ਨਹੀਂ ਸੀ ਪੈਂਦਾ, ਹੁਣ ਆਪਣਾ ‘ਧਰਮ’ ਸਮਝਣ ਤੇ ਆਪਣੀ ਵਾਕਫ਼ੀਅਤ ਨੂੰ ਵਧਾਣ ਦਾ ਜਤਨ ਕਰਦਾ ਹੈ। ਵਿੱਦਿਆ ਤੇ ਵਿਚਾਰ ਦੇ ਬਲ ਨਾਲ ਅਕਾਲ ਪੁਰਖ ਦੀ ਬੇਅੰਤ ਕੁਦਰਤ ਦਾ ਨਕਸ਼ਾ ਅੱਖਾਂ ਅੱਗੇ ਲਿਆਉਣ ਲੱਗ ਪੈਂਦਾ ਹੈ। ਗਿਆਨ ਦੀ ਹਨੇਰੀ ਆ ਜਾਂਦੀ ਹੈ, ਜਿਸ ਦੇ ਅੱਗੇ ਸਭ ਭਰਮ ਵਹਿਮ ਉੱਡ ਜਾਂਦੇ ਹਨ। ਜਿਉਂ ਜਿਉਂ ਅੰਦਰ ਵਿੱਦਿਆ ਦੁਆਰਾ ਸਮਝ ਵਧਦੀ ਹੈ, ਤਿਉਂ ਤਿਉਂ ਉਹ ਆਨੰਦ ਮਿਲਦਾ ਹੈ, ਜੋ ਪਹਿਲਾਂ ਮਾਇਆ ਦੇ ਪਦਾਰਥਾਂ ਵਿਚ ਨਹੀਂ ਸੀ ਮਿਲਦਾ। ਆਤਮਕ ਪੈਂਡੇ ਵਿਚ ਇਸ ਅਵਸਥਾ ਦਾ ਨਾਮ ‘ਗਿਆਨ ਖੰਡ’ ਹੈ।
ਪਰ ਇਸ ਰਾਹੇ ਪੈ ਕੇ ਮਨੁੱਖ ਨਿਰਾ ਇਥੇ ਹੀ ਬੱਸ ਨਹੀਂ ਕਰ ਦੇਂਦਾ। ਬਾਣੀ ਦੀ ਵਿਚਾਰ ਉਸ ਨੂੰ ਉੱਦਮ ਵੱਲ ਪ੍ਰੇਰਦੀ ਹੈ। ਨਿਰਾ ਅਕਲ ਨਾਲ ਸਮਝ ਲੈਣਾ ਕਾਫੀ ਨਹੀਂ। ਮਨ ਦਾ ਪਹਿਲਾ ਸੁਭਾਉ, ਪਹਿਲੀਆਂ ਭੈੜੀਆਂ ਵਾਦੀਆਂ ਨਿਰੀ ‘ਸਮਝ’ ਨਾਲ ਨਹੀਂ ਹਟ ਸਕਦੀਆਂ। ਇਸ ਪਹਿਲੀ ਘਾੜਤ ਨੂੰ, ਇਹਨਾਂ ਪਹਿਲੇ ਸੰਸਕਾਰਾਂ ਨੂੰ ਤੋੜ ਕੇ, ਅੰਦਰ ਨਵੀਂ ਘਾੜਤ ਘੜਨੀ ਹੈ, ਅੰਦਰ ਉੱਚੀ ਸੁਰਤ ਵਾਲੇ ਸੰਸਕਾਰ ਜਮਾਉਣੇ ਹਨ। ਅੰਮ੍ਰਿਤ ਵੇਲੇ ਜਾਗਣ ਆਦਿਕ, ਇਹ ਮਿਹਨਤ ਕਰਨੀ ਹੈ। ਗਿਆਨ ਖੰਡ ਵਿਚ ਅੱਪੜਿਆ ਹੋਇਆ ਮਨੁੱਖ ਜਿਉਂ ਜਿਉਂ ਇਹ ਮਿਹਨਤ ਕਰਦਾ ਹੈ, ਜਿਉਂ ਜਿਉਂ ਗੁਰਮਤਿ ਵਾਲੀ ਨਵੀਂ ਘਾਲ ਘਾਲਦਾ ਹੈ, ਤਿਉਂ ਤਿਉਂ ਉਹਦੇ ਮਨ ਨੂੰ , ਮਾਨੋ, ਸੋਹਣਾ ਰੂਪ ਚੜ੍ਹਦਾ ਹੈ, ਕਾਇਆਂ ਕੰਚਨ ਵਰਗੀ ਹੋਣ ਲੱਗ ਪੈਂਦੀ ਹੈ, ਚਵੱਗਣ ਵੰਨ ਚੜ੍ਹਨ ਲੱਗ ਜਾਂਦਾ ਹੈ। ਉੱਚੀ ਸੁਰਤ ਤੇ ਉੱਚੀ ਅਕਲ ਹੋ ਜਾਂਦੀ ਹੈ, ਮਨ ਵਿਚ ਜਾਗ ਆ ਜਾਂਦੀ ਹੈ। ਮਨੁੱਖ ਨੂੰ ਦੇਵਤਿਆਂ ਤੇ ਸਿੱਧਾਂ ਵਾਲੀ ਸੋਝੀ ਪੈ ਜਾਂਦੀ ਹੈ। ਇਹ ‘ਸਰਮ ਖੰਡ’ ਹੈ।
ਬੱਸ, ਫੇਰ ਕੀਹ ਹੈ! ਮਾਲਕ ਦੀ ਮਿਹਰ ਹੋ ਜਾਂਦੀ ਹੈ। ਅੰਦਰ ਅਕਾਲ ਪੁਰਖ ਬਲ ਭਰ ਦੇਂਦਾ ਹੈ, ਆਤਮਾ ਵਿਕਾਰਾਂ ਵੰਨੀ ਡੋਲਦੀ ਨਹੀਂ। ਬਾਹਰ ਭੀ ਸਭ ਥਾਈਂ ਉਹੀ ਸਿਰਜਨਹਾਰ ਹੀ ਦਿੱਸਦਾ ਹੈ, ਮਨ ਸਦਾ ਨਿਰੰਕਾਰ ਦੀ ਯਾਦ ਵਿਚ ਪਰੋਤਾ ਰਹਿੰਦਾ ਹੈ। ਉਹਨਾਂ ਨੂੰ ਫੇਰ ਜੰਮਣ ਮਰਨ ਦਾ ਭਉ ਕਾਹਦਾ? ਉਹਨਾਂ ਦੇ ਮਨ ਵਿਚ ਸਦਾ ਖਿੜਾਉ ਹੀ ਖਿੜਾਉ ਰਹਿੰਦਾ ਹੈ। ਇਹ ‘ਕਰਮ ਖੰਡ’ ਹੈ।
ਅਕਾਲ ਪੁਰਖ ਦੀ ਮਿਹਰ ਦੇ ਪਾਤਰ ਬਣ ਕੇ ਆਖ਼ਰ ਪੰਜਵੇਂ ਖੰਡ ਵਿਚ ਜਾ ਨਿਵਾਸ ਹੁੰਦਾ ਹੈ, ਭਾਵ ਅਕਾਲ ਪੁਰਖ ਨਾਲ ਇਕ-ਮਿਕ ਹੋ ਜਾਂਦਾ ਹੈ ਅਰਥਾਤ ਧੁਰ ਉਸ ਜੋਤਿ ਦੀ ਹਜ਼ੂਰੀ ਵਿਚ ਅੱਪੜ ਜਾਂਦਾ ਹੋ, ਜੋ ਸਾਰੇ ਜੀਆਂ ਦੀ ਸੰਭਾਲ ਕਰ ਰਿਹਾ ਹੈ ਅਤੇ ਜਿਸ ਦਾ ਹੁਕਮ ਸਾਰੇ ਪਾਸੇ ਵਰਤ ਰਿਹਾ ਹੈ। ਪਰਮਾਤਮਾ ਨਾਲ ਇੱਕ-ਰੂਪ ਹੋ ਚੁਕਣ ਵਾਲੀ ਆਤਮਕ ਅਵਸਥਾ ਵਿਚ ਅਪੜੇ ਜੀਵ ਉੱਤੇ ਪਰਮਾਤਮਾ ਦੀ ਬਖ਼ਸ਼ਿਸ਼ ਦਾ ਦਰਵਾਜ਼ਾ ਖੁਲ੍ਹਦਾ ਹੈ, ਉਸ ਨੂੰ ਸਭ ਆਪਣੇ ਹੀ ਆਪਣੇ ਦਿੱਸਦੇ ਹਨ, ਹਰ ਪਾਸੇ ਪ੍ਰਭੂ ਹੀ ਨਜ਼ਰੀਂ ਆਉਂਦਾ ਹੈ। ਅਜਿਹੇ ਮਨੁੱਖ ਦੀ ਸੁਰਤ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਜੁੜੀ ਰਹਿਂਦੀ ਹੈ, ਹੁਣ ਮਾਇਆ ਇਸ ਨੂੰ ਠੱਗ ਨਹੀਂ ਸਕਦੀ, ਆਤਮਾ ਬਲਵਾਨ ਹੋ ਜਾਂਦੀ ਹੈ, ਪ੍ਰਭੂ ਨਾਲੋਂ ਵਿੱਥ ਨਹੀਂ ਪੈ ਸਕਦੀ। ਹੁਣ ਉਸ ਨੂੰ ਪਰਤੱਖ ਜਾਪਦਾ ਹੈ ਕਿ ਬੇਅੰਤ ਕੁਦਰਤ ਰਚ ਕੇ ਪ੍ਰਭੂ ਸਭ ਨੂੰ ਆਪਣੀ ਰਜ਼ਾ ਵਿਚ ਤੋਰ ਰਿਹਾ ਹੈ, ਤੇ ਸਭ ਉਤੇ ਮਿਹਰ ਦੀ ਨਜ਼ਰ ਕਰ ਰਿਹਾ ਹੈ। ਇਹ ਸਚਖੰਡ ਵਿਚ ਹੋਣ ਦੀ ਆਤਮਿਕ ਅਵਸਥਾ ਹੈ।
ਪੰਜ ਖੰਡਾਂ ਦੀ ਵਿਚਾਰ ਵਿਚ ਇੱਕ ਗੱਲ ਨੋਟ ਕਰਨ ਵਾਲੀ ਇਹ ਹੈ ਕਿ ਕਰਮ ਖੰਡ ਵਾਲੀ ਪਉੜੀ ਦੇ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਨਹੀਂ ਹੈ ਤੇ ਨਾਂਹ ਹੀ ਗੁਰੂ ਸਾਹਿਬ ਨੇ ਪਉੜੀ ਖ਼ਤਮ ਹੋਣ ਦਾ ਅੰਕ ਪਾਇਆ ਹੈ। ਸਿੱਧਾ ਹੀ ਸਚਖੰਡ ਵਾਲੀ ਪਉੜੀ ਸ਼ੁਰੂ ਹੋ ਗਈ ਹੈ ਤੇ ਸਚਖੰਡ ਵਾਲੀ ਪਉੜੀ ਖ਼ਤਮ ਹੋਣ ਤੇ ਨਾਨਕ ਨਾਮ ਦੀ ਛਾਪ ਵੀ ਹੈ ਤੇ ਪਉੜੀ ਦਾ ਨੰਬਰ ਵੀ ਹੈ।
ਇਸ ਤੋਂ ਕਰਮ ਦੀ ਮਹੱਤਤਾ ਦੀ ਸਮਝ ਆਉਂਦੀ ਹੈ ਕਿ ਆਪਣੇ ਕਰਮ ਸੁਧਾਰ ਕੇ ਹੀ ਮਨੁੱਖ/ਸਿੱਖ ਬਖ਼ਸ਼ਸ਼ ਲਈ ਯੋਗ ਬਣ ਸਕਦਾ ਹੈ ਤੇ ਸਚਖੰਡ ਅਰਥਾਤ ਅਕਾਲਪੁਰਖ ਨਾਲ ਇੱਕ ਰੂਪ ਹੋਣ ਦੀ ਅਵਸਥਾ ਵਿਚ ਪਹੁੰਚ ਸਕਦਾ ਹੈ।
ਹੁਣ ਸੋਚਣਾ ਪਵੇਗਾ ਕਿ ਮਨੁੱਖਾ ਜਨਮ ਦਾ ਮਨੋਰਥ ਕੀ ਹੈ। ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਸਮਝਾਉਂਦੇ ਹਨ:-
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ {ਪੰਨਾ 12}
ਅਰਥ: (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1।
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।
ਅੱਗੇ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ ਹੇਠਾਂ ਦਿੱਤਾ ਸਲੋਕ ਤੇ ਉਸ ਦੇ ਅਰਥ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥ {ਪੰਨਾ 1245}
ਅਰਥ: (ਪੰਡਿਤ ਦਾ ਇਹ ਹਾਲ ਹੈ ਕਿ) ਪਰਮਾਤਮਾ ਦੇ ਭਜਨ ਤਾਂ ਗਾਂਦਾ ਹੈ ਪਰ ਆਪ ਸਮਝ ਤੋਂ ਸੱਖਣਾ ਹੈ (ਭਾਵ, ਇਸ ਭਜਨ ਗਾਣ ਨੂੰ ਉਹ ਰੋਜ਼ੀ ਦਾ ਵਸੀਲਾ ਬਣਾਈ ਰੱਖਦਾ ਹੈ, ਸਮਝ ਉੱਚੀ ਨਹੀਂ ਹੋ ਸਕੀ) । ਭੁੱਖ ਦੇ ਮਾਰੇ ਹੋਏ ਮੁੱਲਾਂ ਦੀ ਮਸੀਤ ਭੀ ਰੋਜ਼ੀ ਦੀ ਖ਼ਾਤਰ ਹੀ ਹੈ (ਭਾਵ, ਮੁੱਲਾਂ ਨੇ ਭੀ ਬਾਂਗ ਨਮਾਜ਼ ਆਦਿਕ ਮਸੀਤ ਦੀ ਕ੍ਰਿਆ ਨੂੰ ਰੋਟੀ ਦਾ ਵਸੀਲਾ ਬਣਾਇਆ ਹੋਇਆ ਹੈ) (ਤੀਜਾ ਇਕ) ਹੋਰ ਹੈ ਜੋ ਹੱਡ-ਹਰਾਮ ਹੋਣ ਕਰਕੇ ਕੰਨ ਪੜਵਾ ਲੈਂਦਾ ਹੈ, ਫ਼ਕੀਰ ਬਣ ਜਾਂਦਾ ਹੈ, ਕੁਲ ਦੀ ਅਣਖ ਗਵਾ ਬੈਠਦਾ ਹੈ, (ਉਂਝ ਤਾਂ ਆਪਣੇ ਆਪ ਨੂੰ) ਗੁਰੂ ਪੀਰ ਅਖਵਾਂਦਾ ਹੈ (ਪਰ ਰੋਟੀ ਦਰ ਦਰ) ਮੰਗਦਾ ਫਿਰਦਾ ਹੈ; ਅਜੇਹੇ ਬੰਦੇ ਦੇ ਪੈਰੀਂ ਭੀ ਕਦੇ ਨਹੀਂ ਲੱਗਣਾ ਚਾਹੀਦਾ।
ਜੋ ਜੋ ਮਨੁੱਖ ਮਿਹਨਤ ਨਾਲ ਕਮਾ ਕੇ (ਆਪ) ਖਾਂਦਾ ਹੈ ਤੇ ਉਸ ਕਮਾਈ ਵਿਚੋਂ ਕੁਝ (ਹੋਰਨਾਂ ਨੂੰ ਭੀ) ਦੇਂਦਾ ਹੈ, ਹੇ ਨਾਨਕ! ਅਜੇਹੇ ਬੰਦੇ ਹੀ ਜ਼ਿੰਦਗੀ ਦਾ ਸਹੀ ਰਸਤਾ ਪਛਾਣਦੇ ਹਨ।1।
ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਮਨੁੱਖ ਨੇ ਹੱਕ ਹਲਾਲ ਦੀ ਕਮਾਈ ਕਰਨੀ ਹੈ ਤੇ ਉਸ ਵਿਚੋਂ ਕੁੱਝ ਹਿੱਸਾ ਦੂਜਿਆਂ ਨਾਲ ਵੰਡ ਕੇ ਖਾਣਾ ਹੈ। ਇਹ ਹੀ ਦਸਵੰਧ ਦਾ ਸਰੂਪ ਹੈ।
ਉੱਪਰ ਦਿੱਤੀ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਜਿੰਨਾ ਜਲਦੀ ਸਿੱਖ/ਮਨੁੱਖ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸਚਿਆਰ/ ਗੁਣਵਾਨ ਮਨੁੱਖ (ਗੁਰਮੁਖ) ਬਣ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜੇਗਾ ਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚੇਗਾ, ਉਨ੍ਹਾਂ ਜਲਦੀ ਹੀ ਉਹ ਸਚਖੰਡ ਦੀ ਅਵਸਥਾ ਵਿਚ ਪਹੁੰਚ ਜਾਵੇਗਾ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਆਪਣੇ ਦਿੱਤੇ ਗੁਰਮਤਿ ਸਿਧਾਂਤ ‘ਕਿਵ ਕੂੜੇ ਤੂਟੈ ਪਾਲਿ’ ਦੇ ਅੰਤ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਨੂੰ ਸੰਖੇਪ ਵਿਚ ਸਮਝਾਉਣ ਲਈ ‘ਗੁਰਮਤਿ ਦੀ ਪਟੜੀ’ ਦੇ ਸਿਰਲੇਖ ਹੇਠ ਇਹ ਵਿਚਾਰ ਦਿੱਤੇ ਹਨ, ਜਿਨ੍ਹਾਂ ਤੇ ਗੌਰ ਕਰਨ ਦੀ ਲੋੜ ਹੈ:-
“ਗ੍ਰਿਹਸਤ ਵਿਚ ਰਹਿੰਦਿਆਂ, ਕਿਰਤ-ਕਾਰ ਕਰਦਿਆਂ ਮਨੁੱਖ ਨੇ ਅੰਮ੍ਰਿਤ ਵੇਲੇ ਉੱਠ ਕੇ ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਯਾਦ ਵਿਚ ਨਿੱਤ ਜੁੜਨਾ ਹੈ। ਕਿਰਤ-ਕਾਰ ਵਿਚ ਕਮਾਈ ਸਦਾ ਹੱਕ ਦੀ ਕਰਨੀ ਹੈ, ਤੇ, ਉਸ ਵਿਚ ਲੋੜਵੰਦਿਆਂ ਦੀ ਸੇਵਾ ਭੀ ਕਰਦੇ ਰਹਿਣਾ ਹੈ, ਸੇਵਾ ਭੀ ਕਰਨੀ ਹੈ ਨਿਰਮਾਣ ਰਹਿ ਕੇ। ਦਿਨ ਵੇਲੇ ਭੀ ਜਦੋਂ ਸਬੱਬ ਬਣੇ, ਭਲੇ ਮਨੁੱਖਾਂ ਦੀ ਸੁਹਬਤ ਕਰਨੀ ਹੈ। ਕੁਸੰਗ ਤੋਂ ਬਚਣਾ ਹੈ। ਕਿਸੇ ਨੂੰ ਕੋਈ ਤਕਲੀਫ਼ ਦੇਣੀ ਜਾਂ ਕਿਸੇ ਦਾ ਨੁਕਸਾਨ ਕਰਨਾ ਤਾਂ ਕਿਤੇ ਰਿਹਾ, ਕਿਸੇ ਦਾ ਦਿਲ ਭੀ ਕਦੇ ਕੋਈ ਖਰ੍ਹਵਾ ਬੋਲ ਵਰਤ ਕੇ ਨਹੀਂ ਦੁਖਾਣਾ। ਦੂਜੇ ਵਲੋਂ ਹੋਈ ਵਧੀਕੀ ਨੂੰ ਜਰਨਾ ਹੈ, ਬੁਰਾਈ ਕਰਨ ਵਾਲੇ ਭੀ ਭਲਾਈ ਹੀ ਕਰਨੀ ਹੈ। ਪਰਮਾਤਮਾ ਦੀ ਯਾਦ ਦੀ ਇਤਨੀ ਆਦਤ ਪਕਾਣੀ ਹੈ ਕਿ ਤੁਰਦਿਆਂ ਫਿਰਦਿਆਂ ਸੁੱਤਿਆਂ ਜਾਗਦਿਆਂ ਹਰ ਵੇਲੇ ਇਹ ਯਾਦ ਮਨ ਵਿਚ ਟਿਕੀ ਰਹੇ। ਇਸ ਯਾਦ ਦੀ ਬਰਕਤਿ ਨਾਲ ਮਨ ਨੂੰ ਸਦਾ ਵਿਕਾਰਾਂ ਵਲੋਂ ਰੋਕਦੇ ਰਹਿਣਾ ਹੈ। ਇਸ ਤਰ੍ਹਾਂ ਅੰਦਰ ਪੁਰਾਣੇ ਟਿਕੇ ਹੋਏ ਭੈੜੇ ਸੰਸਕਾਰ ਸਹਜੇ ਸਹਜੇ ਮਿਟਦੇ ਮਿਟਦੇ ਉੱਕਾ ਹੀ ਮਿਟ ਜਾਣਗੇ, ਆਚਰਨ ਇਤਨਾ ਉੱਚਾ ਹੋ ਜਾਏਗਾ ਕਿ ਜੀਵਾਤਮਾ ਤੇ ਪਰਮਾਤਮਾ ਇਕ-ਰੂਪ ਹੋ ਜਾਏਗਾ। ਬੱਸ! ਇਹ ਹੀ ਹੈ ਮੁਕਤੀ। ਮੁਕਤੀ ਤੋਂ ਭਾਵ ਹੈ ਵਿਕਾਰਾਂ ਵਲੋਂ ਮੁਕੰਮਲ ਆਜ਼ਾਦੀ। ਜਿਹੜਾ ਮਨੁੱਖ ਇਸ ਅਵਸਥਾ ਤੇ ਅੱਪੜ ਗਿਆ, ਉਸ ਦੀ ਪਰਮਾਤਮਾ ਨਾਲੋਂ ਵਿੱਥ ਮੁਕ ਗਈ। ਉਸ ਨੂੰ ਆਪਣੇ ਅੰਦਰ ਤੇ ਬਾਹਰ ਹਰ ਥਾਂ ਹਰੇਕ ਜੀਵ ਵਿਚ ਉਹ ਸਿਰਜਣਹਾਰ ਪ੍ਰਭੂ ਹੀ ਦਿੱਸ ਪਿਆ। ਉਹ ਕਦੇ ਲੁਕ ਕੇ ਭੀ ਕੋਈ ਵਿਕਾਰ ਨਹੀਂ ਕਰ ਸਕਦਾ। ਲੁਕੇ ਕਿਸ ਤੋਂ? ਵੇਖਣ ਵਾਲਾ ਤਾਂ ਉਸ ਨੂੰ ਆਪਣੇ ਹੀ ਅੰਦਰ ਬੈਠਾ ਪ੍ਰਤੱਖ ਦਿੱਸਦਾ ਹੈ। ਸੁਖ ਆਵੇ ਚਾਹੇ ਦੁੱਖ ਆਵੇ, ਉਸ ਨੂੰ ਸਭ ਪਰਮਾਤਮਾ ਦੀ ਰਜ਼ਾ ਵਿਚ ਆਇਆ ਦਿੱਸਦਾ ਹੈ, ਤੇ ਰਜ਼ਾ ਉਸ ਨੂੰ ਮਿੱਠੀ ਲੱਗਣ ਲੱਗ ਪੈਂਦੀ ਹੈ।
ਜੀਵਨ -ਸਫਰ ਦੀ ਇਸ ਪਟੜੀ ਉਤੇ ਮਨੁੱਖ ਨੂੰ ਗੁਰੂ ਤੋਰਦਾ ਹੈ, ਆਪਣੇ ਉਪਦੇਸ਼ ਦੀ ਰਾਹੀਂ, ਆਪਣੀ ਬਾਣੀ ਦੀ ਰਾਹੀਂ, ਆਪਣੇ ਜੀਵਨ-ਪੂਰਨਿਆਂ ਦੀ ਰਾਹੀਂ। ਤੇ, ਗੁਰੂ ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ।”
I can’t thank you enough.