I work 12-hour night shifts (7 pm–7 am), often 5–6 nights a week, and my sleep schedule is disrupted. How can I practice Naam Simran or Nitnem during Amritvela in this situation?
I work 12-hour night shifts (7 pm–7 am), often 5–6 nights a week, and my sleep schedule is disrupted. How can I practice Naam Simran or Nitnem during Amritvela in this situation?
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 35 ਤੇ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਫੁਰਮਾਉਂਦੇ ਹਨ:
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥ ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥ {ਪੰਨਾ 35}
ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।
ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
ਜੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦਾ ਸਦਾ-ਥਿਰ ਨਾਮ-ਬੀ ਬੀਜ ਕੇ (ਆਤਮਕ ਜੀਵਨ ਦੀ) ਫ਼ਸਲ ਬੀਜੀਏ; ਤਾਂ ਇਹ ਫ਼ਸਲ ਬਹੁਤ ਉੱਗਦਾ ਹੈ, ਇਹ ਫ਼ਸਲ ਬੀਜਣ ਵਾਲੇ ਮਨੁੱਖ ਦਾ ਮਨ ਆਤਮਕ ਅਡੋਲਤਾ ਤੇ ਪ੍ਰੇਮ ਵਿਚ ਜੁੜ ਕੇ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ। ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ) ਇਹ ਮਨ ਅਡੋਲ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਵਿਚ ਰੰਗਿਆ ਜਾਂਦਾ ਹੈ, ਤੇ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਲੀਨ ਰਹਿੰਦਾ ਹੈ।2।
ਜਿਨ੍ਹਾਂ ਮਨੁੱਖਾਂ ਦਾ ਆਖਣਾ ਵੇਖਣਾ ਬੋਲਣਾ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਹੀ ਲੀਨ ਰਹਿੰਦਾ ਹੈ (ਭਾਵ, ਜੇਹੜੇ ਬੰਦੇ ਸਦਾ ਸਿਫ਼ਤਿ-ਸਾਲਾਹ ਵਿਚ ਹੀ ਮਗਨ ਰਹਿੰਦੇ ਹਨ) ਤੇ ਹਰ ਪਾਸੇ ਪਰਮਾਤਮਾ ਨੂੰ ਹੀ (ਵੇਖਦੇ ਹਨ) ਸਦਾ-ਥਿਰ ਪ੍ਰਭੂ ਦਾ ਨਾਮ ਹੀ (ਹੋਰਨਾਂ ਨੂੰ) ਸੁਣਾ ਸੁਣਾ ਕੇ ਉਹਨਾਂ ਦੀ ਸੋਭਾ (ਸਾਰੇ ਸੰਸਾਰ ਵਿਚ) ਸਦਾ ਲਈ ਕਾਇਮ ਹੋ ਜਾਂਦੀ ਹੈ। ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਉਹਨਾਂ ਨੂੰ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ, ਇਸ ਵਾਸਤੇ ਉਹਨਾਂ ਦੀ ਹਉਮੈ ਮੁੱਕ ਜਾਂਦੀ ਹੈ ਉਹਨਾਂ ਦੀ ਅਪਣੱਤ ਦੂਰ ਹੋ ਜਾਂਦੀ ਹੈ।
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।3।
ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, ਪਰਮਾਤਮਾ ਦੀ ਮਿਹਰ ਤੋਂ ਬਿਨਾ ਉਹ ਮਿਲ ਨਹੀਂ ਸਕਦਾ। ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਸਾਧ ਸੰਗਤਿ ਮਿਲ ਜਾਂਦੀ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ (ਇਸ ਦੀ ਬਰਕਤਿ ਨਾਲ) ਹਰ ਵੇਲੇ ਪ੍ਰਭੂ ਦੇ ਨਾਮ (-ਰੰਗ) ਵਿਚ ਰੰਗੇ ਰਹਿਣ ਕਰਕੇ ਉਸ ਮਨੁੱਖ ਦੇ ਅੰਦਰੋਂ ਮਾਇਆ (ਦੇ ਮੋਹ) ਦਾ ਦੁੱਖ ਦੂਰ ਹੋ ਜਾਂਦਾ ਹੈ।
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਨਾਲ) ਮਿਲਾਪ ਹੁੰਦਾ ਹੈ (ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ ਉਹ) ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ।4। 22। 55।
ਇਸ ਸ਼ਬਦ ਵਿਚ ਗੁਰੂ ਸਾਹਿਬ ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿਣ ਦੀ ਸਿੱਖਿਆ ਦੇ ਰਹੇ ਹਨ ਨਾ ਕਿ ਕਿਸੇ ਖ਼ਾਸ ਸਮੇਂ ਤੇ।
ਅੱਗੇ ਗੁਰੂ ਗ੍ਰੰਥ ਸਾਹਿਬ ਵਿਚੋਂ ਹੇਠਾਂ ਦਿੱਤੀਆਂ ਕੁੱਝ ਉਦਾਹਰਣਾਂ ਵਿਚ ਆਠ ਪਹਰ ਤੇ ਸਾਸ ਸਾਸ ਸਿਮਰਨ ਦਾ ਆਦੇਸ਼ ਦਿੱਤਾ ਹੈ:
ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
(ਪੰਨਾ 184)
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥ {ਪੰਨਾ 191}
ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ {ਪੰਨਾ 269}
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਉੱਪਰ ਦਿੱਤੀਆਂ ਉਦਾਹਰਣਾਂ ਤੋਂ ਦਾਸ ਨੂੰ ਤਾਂ ਇਹ ਸਮਝ ਆਉਂਦਾ ਹੈ ਕਿ ਗੁਰੂ ਸਾਹਿਬ ਨੇ ਕੋਈ ਖ਼ਾਸ ਸਮਾਂ ਨਿੱਤਨੇਮ ਜਾਂ ਨਾਮ ਸਿਮਰਨ ਕਰਨ ਲਈ ਤਹਿ ਨਹੀਂ ਕੀਤਾ ਹੈ। ਤੁਸੀਂ ਜਦੋਂ ਵੀ ਆਪਣੇ ਮਨ ਨੂੰ ਗੁਰਬਾਣੀ ਨਾਲ ਜੋੜ ਸਕੋ ਉਹ ਹੀ ਅੰਮ੍ਰਿਤ ਵੇਲਾ ਬਣ ਜਾਵੇਗਾ। ਇਸ ਲਈ ਆਪਣਾ ਅੰਮ੍ਰਿਤ ਵੇਲਾ ਤੁਸੀਂ ਆਪਣੀ ਜ਼ਿੰਦਗੀ ਦੀਆਂ ਸਮੱਸਿਆਂਵਾਂ ਨੂੰ ਮੁੱਖ ਰੱਖ ਕੇ ਬਣਾਉਣਾ ਹੈ ਜੀ। ਵਿਚਾਰਨ ਦੀ ਕ੍ਰਿਪਾਲਤਾ ਕਰਨੀ ਜੀ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪਦਾ ਵੀਰ
*ਗੁਰੂ ਗ੍ਰੰਥ ਸਾਹਿਬ ਵਿਚ ਆਣ ਵਾਲੇ ਸ਼ਬਦ, ਨਾਮ/ਨਾਮੁ ਦਾ ਕੀ ਅਰਥ ਹੈ?*
ਸ਼ਬਦ ਨਾਮੁ/ਨਾਮੁ ਗੁਰੂ ਗ੍ਰੰਥ ਸਾਹਿਬ ਵਿਚ 4500 ਤੋਂ ਵੱਧ ਵਾਰ ਆਉਂਦਾ ਹੈ। ਕੀ ਤੁਹਾਨੂੰ ਪਤਾ ਹੈ ਕਿ ਇਸ ਦਾ ਅਰਥ ‘ਅਕਾਲਪੁਰਖ’ ਤੇ ‘ਅਕਾਲਪੁਰਖ ਦਾ ਨਾਮ’ ਭੀ ਹੈ? ਸੁਖਮਨੀ ਸਾਹਿਬ ਦੀ ਨੋਵੀਂ ਅਸਟਪਦੀ ਦੀ ਪੰਜਵੀਂ ਪਉੜੀ ਵਿਚ ਗੁਰੂ ਅਰਜਨ ਸਾਹਿਬ ਫੁਰਮਾਉਂਦੇ ਹਨ:-
ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ {ਪੰਨਾ 284}
ਪਦ ਅਰਥ = ਨਾਮ = ਅਕਾਲ ਪੁਰਖ। ਧਾਰੇ = ਟਿਕਾਏ ਹੋਏ, ਆਸਰੇ।
ਅਰਥ: ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ, ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ।
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ, ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ।
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ, ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ।
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ, ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ।
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ, ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ।5।
ਨੋਟ: ਲਫ਼ਜ਼ ‘ਨਾਮ’ ਦਾ ਅਰਥ “ਅਕਾਲ ਪੁਰਖ” ਹੈ, ਤੇ “ਅਕਾਲ ਪੁਰਖ ਦਾ ਨਾਮ” ਭੀ।
*ਰਜ਼ਾ/ਭਾਣੇ/ਹੁਕਮ ਵਿਚ ਰਹਿਣਾ ਸਿਫ਼ਤ ਸਲਾਹ ਕਰਨੀ ਹੈ ਤੇ ਇਹ ਹੀ ਨਾਮ ਸਿਮਰਨ ਹੈ।*
ਪ੍ਰੋਫ਼ੈਸਰ ਸਾਹਿਬ ਸਿੰਘ ਜੀ ਨੇ ਆਪਣੇ ਰਚਿਤ ਗੁਰੂ ਗ੍ਰੰਥ ਸਾਹਿਬ ਦਰਪਣ ਦੇ ਪੰਨਾ 9 ਤੇ ਹੇਠ ਲਿੱਖਿਆ ਨੋਟ ਦਿੱਤਾ ਹੈ:-
ਨੋਟ: ਪਉਣ ਪਾਣੀ ਬੈਸੰਤਰ ਆਦਿਕ ਅਚੇਤਨ ਪਦਾਰਥ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਰਹੇ ਹਨ, ਭਾਵ, ਉਸ ਦੇ ਪੈਦਾ ਕੀਤੇ ਸਾਰੇ ਤੱਤ ਭੀ ਉਸ ਦੀ ਰਜ਼ਾ ਵਿਚ ਤੁਰ ਰਹੇ ਹਨ। ਰਜ਼ਾ ਵਿਚ ਤੁਰਨਾ ਉਸ ਦੀ ਸਿਫ਼ਤਿ-ਸਾਲਾਹ ਹੀ ਕਰਨੀ ਹੈ।
ਜਪੁ ਬਾਣੀ ਵਿਚ ਗੁਰੂ ਸਾਹਿਬ ਫੁਰਮਾਉਂਦੇ ਹਨ:
ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ (ਪੰਨਾ 5) ਅਰਥਾਤ ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤਿ-ਸਾਲਾਹ ਬਖਸ਼ਦਾ ਹੈ, ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚੀ ਦਾਤਿ ਹੈ) । 25।
ਅੱਗੇ ਤੀਸਰੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 515 ਤੇ ਸੁਸ਼ੋਭਿਤ ਆਪਣੇ ਸਲੋਕ ਵਿਚ ਫੁਰਮਾਉਂਦੇ ਹਨ ਕਿ ਬਾਣੀ ਦੀ ਸਿਫ਼ਤ ਸਲਾਹ ਕਰਨਾ ਤੇ ਹੁਕਮ ਵਿਚ ਤੁਰਨਾ ਹੀ ਹਰ ਵੇਲੇ ਪ੍ਰਭੂ ਦਾ ਨਾਮ ਜਪਣਾ ਹੈ:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 71 ਤੇ ਗੁਰੂ ਸਾਹਿਬ ਫੁਰਮਾਉਂਦੇ ਹਨ: ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਇਸ ਸਾਰੀ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਰਜ਼ਾ/ਹੁਕਮ/ਭਾਣੇ ਵਿਚ ਰਹਿਣਾ ਸਿਫ਼ਤ ਸਲਾਹ ਕਰਨੀ ਹੈ ਤੇ ਇਹ ਹੀ ਨਾਮ ਸਿਮਰਨ ਹੈ।