Does Sikhi encourage or discourage exploring life’s experiences before fully engaging in the teachings of the religion?
Does Sikhi encourage or discourage exploring life’s experiences before fully engaging in the teachings of the religion?
Share
What i understand SIKHI encourages live life to full but guided by the SIKHI way of life. It is mistake to think SIKHI restrict enjoying life.
Thank you Sir
ਸਤਿਕਾਰ ਯੋਗ ਹੈਪੀ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਕਿ ਕੀ ਸਿੱਖ/ਮਨੁੱਖ ਦੁਨੀਆਂ ਦੇ ਰੰਗ ਮਾਣ ਕੇ ਗੁਰਬਾਣੀ ਵੱਲ ਵਾਪਸ ਆ ਸਕਦਾ ਹੈ। ਜੀ ਹਾਂ, ਗੁਰਬਾਣੀ ਕਿਸੇ ਗੱਲ ਤੋਂ ਰੋਕਦੀ ਨਹੀਂ ਹੈ। ਗੁਰਬਾਣੀ ਤਾਂ ਉਪਦੇਸ਼ ਰੂਪ ਹੈ। ਉਪਦੇਸ਼ ਮੰਨਣਾ ਜਾਂ ਨਾਂਹ ਮੰਨਣਾ, ਇਹ ਸਿੱਖ/ਮਨੁੱਖ ਦੇ ਆਪਣੇ ਉੱਪਰ ਨਿਰਭਰ ਹੈ।
ਗੁਰਬਾਣੀ ਸਮਝਾਉਂਦੀ ਹੈ ਕਿ ਸਿੱਖ/ਮਨੁੱਖ ਦੀ ਜ਼ਿੰਦਗੀ ਨੂੰ ਮਨ ਨੇ ਚਲਾਉਣਾ ਹੈ ਤੇ ਇਸ ਲਈ ਹੀ ਗੁਰਬਾਣੀ ਮਨ ਨੂੰ ਸੰਬੋਧਿਤ ਕਰਦੀ ਹੈ। ਸਿੱਖ/ਮਨੁੱਖ ਨੇ ਆਪਣੇ ਮਨ ਨੂੰ ਗੁਰੂ ਦਾ ਗਿਆਨ ਲੈ ਕੇ ਸਮਝਾਉਣਾ ਹੈ ਕਿ ਉਸ ਨੇ ਗੁਰਮੁਖ ਬਣਨਾ ਹੈ ਨਾਂਹ ਕਿ ਮਨਮੁਖ। ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ, ਮਾਝ ਰਾਗ ਵਿਚ ਉਚਾਰਨ ਕੀਤੇ ਆਪਣੇ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 131 ਤੇ ਸੁਸ਼ੋਭਿਤ ਹੈ, ਵਿਚ ਗੁਰਮੁਖ ਤੇ ਮਨਮੁਖ ਦੇ ਬਾਰੇ ਪੂਰੀ ਤਰ੍ਹਾਂ ਸਮਝਾਉਂਦੇ ਹਨ:-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।
ਹੁਣ ਇਹ ਹਰ ਸਿੱਖ/ਮਨੁੱਖ ਨੇ ਵਿਚਾਰਨਾ ਹੈ ਕਿ ਉਸ ਨੇ ਗੁਰੂ ਦੇ ਉਪਦੇਸ਼ ਨੂੰ ਮੰਨਣਾ ਹੈ ਕਿ ਨਹੀਂ ਤੇ ਵਿਚਾਰ ਕੇ ਫੈਸਲਾ ਕਰਨਾ ਹੈ ਕਿ ਉਸ ਨੇ ਕਈ ਬਣਨਾ ਹੈ ਗੁਰਮੁਖ ਜਾਂ ਮਨਮੁਖ।
ਤੁਹਾਡੇ ਸਵਾਲ ਦੇ ਪੂਰੇ ਜਵਾਬ ਲਈ ਇਹ ਵਿਚਾਰਨਾ ਜ਼ਰੂਰੀ ਹੈ ਕਿ ਸਿੱਖ/ਮਨੁੱਖ ਦੇ ਮਨ ਦੀ ਬਣਤਰ ਕਿਵੇਂ ਬਣਦੀ ਹੈ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਅਰਥਾਤ ਅਰਥ ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਇਸ ਮਨ ਦੀ ਬਣਤਰ ਇੱਕ ਦਿਨ ਵਿਚ ਬਣ ਜਾਂਦੀ ਹੈ? ਨਹੀਂ ਜੀ। ਇਹ ਬਣਤਰ ਤਾਂ ਬੱਚੇ ਦੇ ਪੈਦਾ ਹੁੰਦੇ ਹੀ ਬਣਨੀ ਸ਼ੁਰੂ ਹੋ ਜਾਂਦੀ ਹੈ। ਹੁਣ ਇਹ ਦੁਨਿਆਵੀ ਮਾਤਾ ਪਿਤਾ ਨੇ ਸੋਚਣਾ ਹੈ ਕਿ ਕੀ ਉਨ੍ਹਾਂ ਨੇ ਬੱਚੇ ਨੂੰ ਗੁਰਮੁਖ ਬਣਨ ਦੇ ਰਾਹ ਤੇ ਪਾਉਣਾ ਹੈ ਜਾਂ ਮਨਮੁਖ ਬਣਨ ਦੇ ਰਾਹ ਤੇ?
ਸੋ ਇਹ ਹੁਣ ਤੁਸੀਂ ਸੋਚਣਾ ਹੈ ਕਿ ਗੁਰਮੁਖ ਬਣਨ ਦੇ ਰਾਹ ਤੇ ਕਦੋਂ ਪੈਣਾ ਹੈ। ਰਸਤੇ ਦੋ ਹਨ ਕਿ ਪਹਿਲਾਂ ਮਨਮੁਖਤਾ ਦੇ ਰਾਹ ਤੇ ਪੈ ਕੇ ਤੇ ਵਾਪਸ ਗੁਰਮੁਖਤਾਈ ਦੇ ਰਾਹ ਤੇ ਵਾਪਸ ਪਰਤਣਾ (ਜੋ ਕਿ ਇੱਕ ਸੌਖਾ ਕੰਮ ਨਹੀਂ ਹੋਵੇਗਾ) ਜਾਂ ਸਿੱਧਾ ਗੁਰਮੁਖ ਬਣਨ ਦੇ ਰਾਹ ਤੇ ਪੈਣਾ? ਫ਼ੈਸਲਾ ਤੁਹਾਡਾ ਆਪਣਾ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Thank you Sir