ਸਿਖ ਸ਼ਾਸਤਰ ਅਤੇ ਸਿਖਿਆਵਾਂ ਸਰਾਧ ਦੀ ਪ੍ਰਥਾ ਨੂੰ ਕਿਵੇਂ ਸੰਬੋਧਿਤ ਕਰਦੀਆਂ ਹਨ? How do Sikh scriptures and teachings address the practice of Saradh?
ਸਿਖ ਸ਼ਾਸਤਰ ਅਤੇ ਸਿਖਿਆਵਾਂ ਸਰਾਧ ਦੀ ਪ੍ਰਥਾ ਨੂੰ ਕਿਵੇਂ ਸੰਬੋਧਿਤ ਕਰਦੀਆਂ ਹਨ? How do Sikh scriptures and teachings address the practice of Saradh?
Share
ਸਤਿਕਾਰ ਯੋਗ ਰਵ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਸਰਾਧਾਂ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ, ਦਾਸ ਗੁਰੂ ਗ੍ਰੰਥ ਸਾਹਿਬ ਵਿਚੋਂ ਭਗਤ ਕਬੀਰ ਜੀ ਦਾ ਉਚਾਰਿਆ ਇੱਕ ਸ਼ਬਦ ਅਤੇ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ ਉਚਾਰਿਆ ਹੋਇਆ ਇੱਕ ਸਲੋਕ ਅਤੇ ਦੋਨਾਂ ਦੇ ਅਰਥ ਤੁਹਾਡੇ ਵਿਚਾਰ ਵਾਸਤੇ ਹੇਠਾਂ ਦੇ ਰਿਹਾ ਹੈ:-
੧. ਰਾਗੁ ਗਉੜੀ ਬੈਰਾਗਣਿ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ {ਪੰਨਾ 332}
ਅਰਥ: ਲੋਕ ਜੀਊਂਦੇ ਮਾਪਿਆਂ ਦਾ ਤਾਂ ਆਦਰ ਮਾਣ ਨਹੀਂ ਕਰਦੇ, ਪਰ ਮਰ ਗਏ ਪਿਤਰਾਂ ਨਿਮਿਤ ਭੋਜਨ ਖੁਆਉਂਦੇ ਹਨ। ਵਿਚਾਰੇ ਪਿਤਰ ਭਲਾ ਉਹ ਸਰਾਧਾਂ ਦਾ ਭੋਜਨ ਕਿਵੇਂ ਹਾਸਲ ਕਰਨ? ਉਸ ਨੂੰ ਤਾਂ ਕਾਂ-ਕੁੱਤੇ ਖਾ ਜਾਂਦੇ ਹਨ।1।
ਮੈਨੂੰ ਕੋਈ ਧਿਰ ਦੱਸੋ ਕਿ (ਪਿਤਰਾਂ ਦੇ ਨਮਿਤ ਸਰਾਧ ਖੁਆਉਣ ਨਾਲ ਪਿਛੇ ਘਰ ਵਿਚ) ਸੁਖ-ਆਨੰਦ ਕਿਵੇਂ ਹੋ ਜਾਂਦਾ ਹੈ। ਸਾਰਾ ਸੰਸਾਰ (ਇਸੇ ਭਰਮ-ਵਹਿਮ ਵਿਚ) ਖਪ ਰਿਹਾ ਹੈ ਕਿ (ਪਿਤਰਾਂ ਨਿਮਿਤ ਸਰਾਧ ਕੀਤਿਆਂ ਘਰ ਵਿਚ) ਸੁਖ-ਆਨੰਦ ਬਣਿਆ ਰਹਿੰਦਾ ਹੈ।1। ਰਹਾਉ।
ਮਿੱਟੀ ਦੇ ਦੇਵੀ-ਦੇਵਤੇ ਬਣਾ ਕੇ ਲੋਕ ਉਸ ਦੇਵੀ ਜਾਂ ਦੇਵਤੇ ਅੱਗੇ (ਬੱਕਰੇ ਆਦਿਕ ਦੀ) ਕੁਰਬਾਨੀ ਦੇਂਦੇ ਹਨ, (ਹੇ ਭਾਈ! ਇਸੇ ਤਰ੍ਹਾਂ) ਦੇ (ਮਿੱਟੀ ਦੇ ਬਣਾਏ ਹੋਏ) ਤੁਹਾਡੇ ਪਿਤਰ ਅਖਵਾਉਂਦੇ ਹਨ, (ਉਹਨਾਂ ਅੱਗੇ ਭੀ ਜੋ ਤੁਹਾਡਾ ਚਿੱਤ ਕਰਦਾ ਹੈ ਧਰ ਦੇਂਦੇ ਹੋ) ਉਹ ਆਪਣੇ ਮੂੰਹੋਂ ਮੰਗਿਆ ਕੁਝ ਨਹੀਂ ਲੈ ਸਕਦੇ।2।
ਲੋਕ ਲੋਕਾਚਾਰੀ ਰਸਮਾਂ ਦੇ ਡਰ ਵਿਚ ਗ਼ਰਕ ਹੋ ਰਹੇ ਹਨ, ਜੀਉਂਦੇ ਜੀਵਾਂ ਨੂੰ (ਦੇਵੀ ਦੇਵਤਿਆਂ ਅੱਗੇ ਭੇਟ ਕਰਨ ਲਈ) ਮਾਰਦੇ ਹਨ (ਤੇ ਇਸ ਤਰ੍ਹਾਂ ਮਿੱਟੀ ਆਦਿਕ ਦੇ ਬਣਾਏ ਹੋਏ) ਨਿਰਜਿੰਦ ਦੇਵਤਿਆਂ ਨੂੰ ਪੂਜਦੇ ਹਨ; ਆਪਣਾ ਅੱਗਾ ਵਿਗਾੜੀ ਜਾ ਰਹੇ ਹਨ (ਐਸੇ ਲੋਕਾਂ ਨੂੰ) ਉਸ ਆਤਮਕ ਅਵਸਥਾ ਦੀ ਸਮਝ ਨਹੀਂ ਪੈਂਦੀ ਜੋ ਪ੍ਰਭੂ ਦਾ ਨਾਮ ਸਿਮਰਦਿਆਂ ਬਣਦੀ ਹੈ।3।
ਕਬੀਰ ਆਖਦਾ ਹੈ– (ਅਜਿਹੇ ਲੋਕ ਮਿੱਟੀ ਦੇ ਬਣਾਏ ਹੋਏ) ਦੇਵੀ-ਦੇਵਤਿਆਂ ਨੂੰ ਪੂਜਦੇ ਹਨ ਤੇ ਸਹਿਮੇ ਭੀ ਰਹਿੰਦੇ ਹਨ (ਕਿਉਂਕਿ ਅਸਲ ‘ਕੁਸ਼ਲ’ ਦੇਣ ਵਾਲੇ) ਅਕਾਲ ਪੁਰਖ ਨੂੰ ਉਹ ਜਾਣਦੇ ਹੀ ਨਹੀਂ ਹਨ, ਉਹ ਜਾਤ-ਕੁਲ-ਰਹਿਤ ਪ੍ਰਭੂ ਨੂੰ ਨਹੀਂ ਸਿਮਰਦੇ ਉਹ (ਸਦਾ) ਮਾਇਆ ਨਾਲ ਲਪਟੇ ਰਹਿੰਦੇ ਹਨ।4।1। 45।
ਸ਼ਬਦ ਦਾ ਭਾਵ: ਘਰ ਵਿਚ ਹਰ ਤਰ੍ਹਾਂ ਦਾ ਸੁਖ-ਆਨੰਦ ਬਣੇ ਰਹਿਣ ਦੀ ਖ਼ਾਤਰ ਭਰਮੀ ਲੋਕ ਪਿਤਰਾਂ ਨਿਮਿਤ ਸਰਾਧ ਕਰਦੇ ਹਨ, ਮਿੱਟੀ ਦੇ ਦੇਵੀ ਦੇਵਤੇ ਬਣਾ ਕੇ ਉਹਨਾਂ ਦੇ ਅੱਗੇ ਕੁਰਬਾਨੀ ਦੇਂਦੇ ਹਨ; ਵਿਆਹਾਂ-ਸ਼ਾਦੀਆਂ ਸਮੇ ‘ਵੱਡੇ ਅੱਡਦੇ ਹਨ’, ਪਰ ਫਿਰ ਭੀ ਸਹਿਮ ਬਣਿਆ ਹੀ ਰਹਿੰਦਾ ਹੈ, ਕਿਉਂਕਿ ਸੁਖ ਅਨੰਦ ਦੇ ਸੋਮੇ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਮੋਹ ਵਿਚ ਜਕੜੇ ਰਹਿੰਦੇ ਹਨ। 45।
੨. ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥
ਅਰਥ: ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) । (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ। ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ।1।
ਤੁਸੀਂ ਦੇਖ ਸਕਦੇ ਹੋ ਕਿ ਗੁਰਬਾਣੀ ਅਨੁਸਾਰ ਸਰਾਧ ਇੱਕ ਕਰਮਕਾਂਡ ਤੋਂ ਵੱਧ ਕੁੱਝ ਵੀ ਨਹੀਂ ਹਨ ਜੋ ਕਿ ਸਿਰ੍ਫ ਤੇ ਸਿਰਫ਼ ਦਿਖਾਵੇ ਲਈ ਲੋਕ ਕਰ ਰਹੇ ਹਨ ਜਦੋਂ ਕਿ ਲੋੜ ਜਿਉਂਦੇ ਜੀਅ ਮਾਪਿਆਂ ਦੀ ਸੇਵਾ ਕਰਨ ਦੀ ਸੀ ਜੋ ਕਿ ਨਹੀਂ ਕੀਤੀ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ