I’m curious about Sikhism’s perspective on free will and personal responsibility. I find it puzzling as some verses suggest our actions determine our fate, while others attribute all causes and actions to Waheguru.
I’m curious about Sikhism’s perspective on free will and personal responsibility. I find it puzzling as some verses suggest our actions determine our fate, while others attribute all causes and actions to Waheguru.
Share
ਸਤਿਕਾਰ ਯੋਗ ਤੇਜਪਾਲ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਆਪਣੀ ਸਮਝ ਅਨੁਸਾਰ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਸਿੱਖੀ ਅੱਜ ਵਿਚ ਤੇ ਅਕਾਲਪੁਰਖ ਦੇ ਹੁਕਮ ਵਿਚ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਹਰ ਮਨੁੱਖ ਨੇ ਆਪਣੀ ਕਿਸਮਤ ਆਪ ਬਣਾਉਣੀ ਹੈ ਜੋ ਕਿ ਮਨੁੱਖ ਦੇ ਕੀਤੇ ਕਰਮਾਂ ਨਾਲ ਬਣਨੀ ਹੈ।
ਜੋ ਸਭ ਤੋਂ ਜ਼ਰੂਰੀ ਕੰਮ ਸਿੱਖ ਨੇ ਕਰਨਾ ਹੈ, ਉਹ ਇਹ ਹੈ ਕਿ ਗੁਰੂ ਸਾਹਿਬ ਦੇ ਹੇਠ ਲਿਖੇ ਉਪਦੇਸ਼ ਤੇ ਚੱਲ ਕੇ ਇਹ ਜੀਵਨ ਸਫ਼ਲ ਕਰਨਾ:
‘ਭਈ ਪਰਾਪਤਿ ਮਾਨੁਖ ਦੇਹੁਰੀਆ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ।।’ ਅਰਥਾਤ ‘ਹੇ ਭਾਈ! ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ।’
ਅੱਗੇ ਆਪਣੇ ਕਰਮਾਂ ਨੂੰ ਸੁਧਾਰਨਾ ਹੈ ਕਿਉਂਕਿ ਗੁਰੂ ਸਾਹਿਬ ਦਾ ਉਪਦੇਸ਼ ਹੈ:
‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।
ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ:-
ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਅਰਥ: ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’। ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।
ਇਸ ਦਾ ਭਾਵ ਇਹ ਹੀ ਹੈ ਕਿ ਮਾਇਆ ਦੇ ਪਰਭਾਵ ਦੇ ਕਾਰਨ ਮਨੁੱਖ ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ ਇਸ ਦੀ ਮਤ ਮੈਲੀ ਹੋ ਜਾਂਦੀ ਹੈ। ਇਹ ਮੈਲ ਇਸ ਨੂੰ ਸੁੱਧ-ਸਰੂਪ ਪਰਮਾਤਮਾ ਤੋਂ ਵਿਛੋੜ ਰੱਖਦੀ ਹੈ, ਤੇ ਜੀਵ ਦੁਖੀ ਰਹਿੰਦਾ ਹੈ। ਨਾਮ-ਸਿਮਰਨ ਹੀ ਇਕੋ-ਇਕ ਵਸੀਲਾ ਹੈ ਜਿਸ ਨਾਲ ਮਨ ਦੀ ਇਹ ਮੈਲ ਧੁਪ ਸਕਦੀ ਹੈ। (ਸੋ, ਸਿਮਰਨ ਤਾਂ ਵਿਕਾਰਾਂ ਦੀ ਮੈਲ ਧੋ ਕੇ ਮਨ ਨੂੰ ਪ੍ਰਭੂ ਨਾਲ ਮੇਲਣ ਵਾਸਤੇ ਹੈ, ਪ੍ਰਭੂ ਤੇ ਉਸ ਦੀ ਰਚਨਾ ਦਾ ਅੰਤ ਪਾਣ ਲਈ ਜੀਵ ਨੂੰ ਸਮਰਥ ਨਹੀਂ ਬਣਾ ਸਕਦਾ)।
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ ਇਸੇ ਜੀਵਨ ਵਿਚ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਸਤਿਕਾਰ ਯੋਗ ਤੇਜਪਾਲ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਅੱਗੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੁਆਰਾ ਮਾਝ ਰਾਗ ਵਿਚ ਉਚਾਰਨ ਕੀਤੇ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 98 ਤੇ ਸੁਸ਼ੋਭਿਤ ਹੈ, ਦੀ ਉਦਾਹਰਣ ਹੇਠਾਂ ਦੇ ਰਿਹਾ ਹੈ। ਹੋਰ ਵੀ ਬਹੁਤ ਸਾਰੇ ਸ਼ਬਦ ਹਨ।
ਤੁਸੀਂ ਦੇਖੋਗੇ ਕਿ ਸ਼ਬਦ ਦੇ ਚਾਰ ਪਦ ਹਨ ਤੇ ਪਹਿਲੇ ਤਿੰਨ ਪਦਾਂ ਵਿਚ ਗੁਰੂ ਸਾਹਿਬ ਅਕਾਲਪੁਰਖ ਦੀ ਬੇਅੰਤਤਾ ਦਾ ਬਿਆਨ ਕਰ ਰਹੇ ਹਨ ਤੇ ਆਖ਼ਰੀ ਪਦੇ ਵਿਚ ਅਸੀਮ ਨਿਮਰਤਾ ਨਾਲ ਇਹ ਸਮਝਾ ਰਹੇ ਹਨ ਕਿ ਅਕਾਲਪੁਰਖ ਦੀ ਬੇਅੰਤਤਾ ਦੇ ਸਾਹਮਣੇ ਮਨੁੱਖ ਦੀ ਕੋਈ ਹਸਤੀ ਨਹੀਂ ਹੈ ਤੇ ਚੰਗੀ ਗੱਲ ਇਹ ਹੀ ਹੈ ਕਿ ਮਨੁੱਖ ਆਪਣੀ ਹਉਮੈ ਛੱਡ ਕੇ ਅਰਥਾਤ ਔਗੁਣਾਂ ਨੂੰ ਛੱਡ ਕੇ, ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਦੀ ਸ਼ਰਨ ਵਿਚ ਆ ਜਾਵੇ ਅਰਥਾਤ ਉਨ੍ਹਾਂ ਨਾਲ ਜੁੜੇ ਤੇ ਭਾਣੇ ਵਿਚ ਰਹਿ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਤੇ ਪਹੁੰਚ ਕੇ, ਜੀਵਨ ਮੁਕਤ ਹੋਣ ਦੀ ਮੰਜ਼ਿਲ ਨੂੰ ਪ੍ਰਾਪਤ ਕਰ ਲਵੇ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————
ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥ {ਪੰਨਾ 98}
ਅਰਥ: ਹੇ ਪ੍ਰਭੂ! ਜੋ ਕੁਝ ਤੂੰ ਹੁਕਮ ਕਰਦਾ ਹੈਂ ਉਹੀ ਜੀਵ ਕਰਦੇ ਹਨ, ਜੋ ਕੁਝ ਤੂੰ ਦੇਂਦਾ ਹੈਂ, ਉਹੀ ਜੀਵ ਹਾਸਲ ਕਰ ਸਕਦੇ ਹਨ। ਗਰੀਬਾਂ ਤੇ ਅਨਾਥ ਜੀਵਾਂ ਨੂੰ ਤੇਰਾ ਹੀ ਸਹਾਰਾ ਹੈ। ਹੇ ਮੇਰੇ ਪਿਆਰੇ ਪ੍ਰਭੂ! (ਜਗਤ ਵਿਚ) ਸਭ ਕੁਝ ਤੂੰ ਹੀ ਕਰ ਰਿਹਾ ਹੈਂ ਤੂੰ ਹੀ ਕਰ ਰਿਹਾ ਹੈਂ। ਮੈਂ ਤੇਰੀ ਸਮਰਥਾ ਤੋਂ ਸਦਕੇ ਜਾਂਦਾ ਹਾਂ।1।
ਪਰਮਾਤਮਾ ਦੀ ਰਜ਼ਾ ਵਿਚ ਹੀ ਜੀਵ (ਜ਼ਿੰਦਗੀ ਦਾ) ਗ਼ਲਤ ਰਸਤਾ ਫੜ ਲੈਂਦੇ ਹਨ ਤੇ ਕਈ ਸਹੀ ਰਸਤਾ ਫੜਦੇ ਹਨ। ਪਰਮਾਤਮਾ ਦੀ ਰਜ਼ਾ ਵਿਚ ਹੀ ਕਈ ਜੀਵ ਗੁਰੂ ਦੀ ਸਰਨ ਪੈ ਕੇ ਹਰੀ ਦੇ ਗੁਣ ਗਾਂਦੇ ਹਨ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ। (ਇਹ) ਸਭ ਕੁਝ ਉਸ ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਿਹਾ ਹੈ।2।
ਹੇ ਅਪਹੁੰਚ ਪ੍ਰਭੂ! ਹੇ ਇੰਦ੍ਰੀਆਂ ਦੀ ਪਹੁੰਚ ਤੋਂ ਪਰੇ ਪ੍ਰਭੂ! ਹੇ ਬੇਅੰਤ ਪ੍ਰਭੂ! ਹੇ ਅਥਾਹ ਪ੍ਰਭੂ! (ਆਪਣੀ ਸਮਰੱਥਾ ਨਾਲ) ਨਾਹ ਕੋਈ ਜੀਵ ਮੂਰਖ ਹੈ ਤੇ ਨਾਹ ਹੀ ਕੋਈ ਸਿਆਣਾ ਹੈ। (ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਹੁਕਮ ਹੀ ਚੱਲ ਰਿਹਾ ਹੈ। ਤੇਰੇ ਬਰਾਬਰ ਦੀ ਕੋਈ ਸ਼ੈ ਦੱਸੀ ਨਹੀਂ ਜਾ ਸਕਦੀ।
ਹੇ ਪਿਆਰੇ ਹਰੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਦੇਹ। ਹੇ ਨਾਨਕ! (ਆਖ– ਪਰਮਾਤਮਾ ਦਾ) ਦਰਸਨ ਕੀਤਿਆਂ ਮਨ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ ਤੇ ਉਸ ਦੀ ਰਜ਼ਾ ਅਨੁਸਾਰ ਉਸ ਨਾਲ ਮਿਲਾਪ ਹੋ ਜਾਂਦਾ ਹੈ।4।7।14।
ਧੰਨਵਾਦ ਵੀਰ ਜੀ