My wife has been advised by her friend to arrange our house according to Vastu Shastra. I don't believe in this practice. Could you please provide advice on how I can convince her, and can you share examples from Gurbani to help convey that Sikhs do not believe in Vastu Shastra?
My wife has been advised by her friend to arrange our house according to Vastu Shastra. I don't believe in this practice. Could you please provide advice on how I can convince her, and can you share examples from Gurbani to help convey that Sikhs do not believe in Vastu Shastra?
Share

ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ‘ਵਸਤੂ ਸ਼ਾਸਤਰ’ ਦੇ ਸਵਾਲ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਅਗਿਆਨਤਾ ਵੱਸ ਇਹ ਇੱਕ ਭਰਮ ਲੋਕਾਂ ਦੇ ਮਨਾਂ ਵਿਚ ਪਾਇਆ ਜਾਂਦਾ ਹੈ ਤੇ ਗ੍ਰਹਿ ਚੜ੍ਹੇ ਹੋਣ ਤੇ ਸ਼ਗਨ/ਅਪਸ਼ਗਨ ਹੋਣ ਦਾ ਭਰਮ ਫੈਲਾਇਆ ਜਾਂਦਾ ਹੈ।
ਇਨ੍ਹਾਂ ਭਰਮਾਂ ਤੋਂ ਬੱਚਣ ਲਈ ਦਾਸ ਤੁਹਾਨੂੰ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਦਾ ਆਸਾ ਰਾਗ ਵਿਚ ਉਚਾਰਿਆ ਹੋਇਆ ਸਬਦ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 401 ਤੇ ਸੁਸ਼ੋਭਿਤ ਹੈ, ਅਤੇ ਉਸ ਦੇ ਅਰਥ ਪੜ੍ਹਨ ਦੀ ਬੇਨਤੀ ਕਰਦਾ ਹੈ। ਇਸ ਸਬਦ ਵਿਚ ਗੁਰੂ ਸਾਹਿਬ ਗ੍ਰਹਿਆਂ ਤੇ ਸ਼ਗਨਾਂ/ਅਪਸ਼ਗਨਾਂ ਦੇ ਪ੍ਰਭਾਵ ਤੋਂ ਬੱਚਣ ਦਾ ਰਸਤਾ ਦੱਸ ਰਹੇ ਹਨ ਤੇ ਸਿੱਖਿਆ ਦੇ ਰਹੇ ਹਨ ਕਿ ਸ਼ਬਦ ਗੁਰੂ ਤੇ ਅਕਾਲਪੁਰਖ, ਜੋ ਕਿ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਨ ਵਾਲੇ ਮਨੁੱਖ/ਸਿੱਖ ਉੱਪਰ ਨਾਂਹ ਗ੍ਰਹਿ ਪ੍ਰਭਾਵ ਪਾ ਸਕਦੇ ਹਨ ਤੇ ਨਾਂਹ ਹੀ ਉਸ ਨੂੰ ਕੋਈ ਸ਼ਗਨ/ਅਪਸ਼ਗਨ ਲੱਗਦੇ ਹਨ।
ਮਿਲੇ ਹੋਏ ਮਨੁੱਖਾਂ ਜਨਮ ਦਾ ਮੰਤਵ ਵਿਕਾਰਾਂ ਕੋਲੋਂ ਛੁਟਕਾਰਾ ਪਾਉਣ, ਸੱਚਿਆਰ/ਗੁਣਵਾਨ (ਗੁਰਮੁਖ) ਬਣ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਣ ਦਾ ਹੈ, ਨਾਂਹ ਕੇ ਭਰਮਾਂ ਵਿਚ ਫੱਸ ਕੇ ਮਨ ਦੇ ਪਿੱਛੇ ਤੁਰ ਕੇ ਅਰਥਾਤ ਮਨਮੁਖ ਬਣ ਕੇ ਇਸ ਕੀਮਤੀ ਮਨੁੱਖਾ ਜਨਮ ਨੂੰ ਗਵਾਉਣ ਦਾ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————
ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥ {ਪੰਨਾ 401}
ਅਰਥ: (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਸਦਾ ਹੀ ਸਦਕੇ ਜਾਂਦਾ ਹਾਂ, ਮੈਂ ਗੁਰੂ ਤੋਂ ਵਾਰਨੇ ਜਾਂਦਾ ਹਾਂ, ਕਿਉਂਕਿ ਉਸ (ਗੁਰੂ) ਨੂੰ ਮਿਲ ਕੇ ਹੀ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ (ਆਪਣੀ ਜ਼ਿੰਦਗੀ ਦਾ) ਮਨੋਰਥ ਬਣਾਇਆ ਹੈ।1। ਰਹਾਉ।
(ਹੇ ਭਾਈ!) ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ। ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹਾਂ ਤੇ (ਮੇਰੇ ਅੰਦਰ) ਆਤਮਕ ਅਡੋਲਤਾ ਦਾ ਵੱਡਾ ਸੁਖ-ਆਨੰਦ ਬਣਿਆ ਰਹਿੰਦਾ ਹੈ।1।
(ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ। ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।2।
(ਹੇ ਭਾਈ! ਮਿਥੇ ਹੋਏ) ਨੇਕ ਕਰਮ, ਦਾਨ, ਜਪ ਤੇ ਤਪ = ਇਹ ਜਿਤਨੇ ਭੀ ਹਨ ਪਰਮਾਤਮਾ ਦਾ ਨਾਮ ਜਪਣਾ ਇਹਨਾਂ ਸਭਨਾਂ ਤੋਂ ਸ੍ਰੇਸ਼ਟ ਕਰਮ ਹੈ। ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ।3।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ ਹੈ ਉਹਨਾਂ ਨੂੰ ਮੁੜ ਕੋਈ ਦੁੱਖ ਨਹੀਂ ਵਿਆਪਦਾ, ਉਹਨਾਂ ਦੇ ਸਾਰੇ ਡਰ ਨਾਸ ਹੋ ਜਾਂਦੇ ਹਨ ਉਹਨਾਂ ਦੇ ਮੋਹ ਤੇ ਭਰਮ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਮਨੁੱਖ ਬਿਗਾਨਾ ਨਹੀਂ ਦਿੱਸਦਾ।4। 18। 120।
ਵੀਰ ਜੀ, ਭਗਤ ਕਬੀਰ ਜੀ ਦਾ ਉਚਾਰਨ ਕੀਤਾ ਪ੍ਰਭਾਤੀ ਰਾਗ ਵਿਚ ਇਕ ਸਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1349 ਤੇ ਸੁਸ਼ੋਭਿਤ ਹੈ, ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ ਜੀ। ਇਸ ਵਿਚ ਭਗਤ ਜੀ ਹਿੰਦੂ ਤੇ ਮੁਸਲਿਮ ਧਰਮਾਂ ਦੇ ਕਰਮਕਾਂਡਾਂ ਬਾਰੇ ਜਾਣਕਾਰੀ ਦੇਂਦੇ ਹੋਏ, ਆਖ਼ਿਰ ਵਿਚ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਣ ਦਾ ਉਪਦੇਸ਼ ਦੇ ਰਹੇ ਹਨ।
ਇਸ ਲਈ ਵਸਤੂ ਸ਼ਾਸਤਰ ਆਦਿ ਜੋ ਹਿੰਦੂ ਧਰਮ ਦੇ ਕਰਮਕਾਂਡ ਹਨ, ਵਿਚ ਸਿੱਖ ਨੇ ਫੱਸਣਾ ਨਹੀਂ ਹੈ। ਬਲਕਿ ਹਰ ਕੰਮ ਵਿਚ ਚੜ੍ਹਦੀ ਕਲ੍ਹਾ ਵਾਸਤੇ, ਪਰਮਾਤਮਾ ਅੱਗੇ ਅਰਦਾਸ ਕਰਣੀ ਹੈ। ਕਿਸੇ ਕਿਸਮ ਦਾ ਕੋਈ ਭਰਮ ਜਾਂ ਕਰਮਕਾਂਡ ਨਹੀਂ ਕਰਨਾ ਹੈ।
———————-
ਪ੍ਰਭਾਤੀ ॥ ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥ ਅਲਹ ਰਾਮ ਜੀਵਉ ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥ ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥ ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥ ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥ ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥ {ਪੰਨਾ 1349}
ਅਰਥ: ਹੇ ਅੱਲਾਹ! ਹੇ ਰਾਮ! ਹੇ ਸਾਈਂ! ਤੂੰ ਮੇਰੇ ਉੱਤੇ ਮਿਹਰ ਕਰ, (ਮੈਂ ਤੈਨੂੰ ਇਕ ਹੀ ਜਾਣ ਕੇ) ਤੇਰਾ ਨਾਮ ਸਿਮਰ ਕੇ ਜੀਵਾਂ (ਆਤਮਕ ਜੀਵਨ ਹਾਸਲ ਕਰਾਂ) ।1। ਰਹਾਉ।
ਜੇ (ਉਹ) ਇਕ ਖ਼ੁਦਾ (ਸਿਰਫ਼) ਕਾਹਬੇ ਵਿਚ ਵੱਸਦਾ ਹੈ ਤਾਂ ਬਾਕੀ ਦਾ ਮੁਲਕ ਕਿਸ ਦਾ (ਕਿਹਾ ਜਾਏ) ? (ਸੋ, ਮੁਸਲਮਾਨ ਦਾ ਇਹ ਅਕੀਦਾ ਠੀਕ ਨਹੀਂ ਹੈ) । ਹਿੰਦੂ ਪਰਮਾਤਮਾ ਦਾ ਨਿਵਾਸ ਮੂਰਤੀ ਵਿਚ ਸਮਝਦਾ ਹੈ; (ਇਸ ਤਰ੍ਹਾਂ ਹਿੰਦੂ ਮੁਸਲਮਾਨ) ਦੋਹਾਂ ਵਿਚੋਂ ਕਿਸੇ ਨੇ ਪਰਮਾਤਮਾ ਨੂੰ ਨਹੀਂ ਵੇਖਿਆ।1।
(ਹਿੰਦੂ ਆਖਦਾ ਹੈ ਕਿ) ਹਰੀ ਦਾ ਨਿਵਾਸ ਦੱਖਣ ਦੇਸ ਵਿਚ (ਜਗਨ ਨਾਥ ਪੁਰੀ ਵਿਚ) ਹੈ, ਮੁਸਲਮਾਨ ਆਖਦਾ ਹੈ ਕਿ ਖ਼ੁਦਾ ਦਾ ਘਰ ਪੱਛਮ ਵਲ (ਕਾਹਬੇ ਵਿਚ) ਹੈ। (ਪਰ ਹੇ ਸੱਜਣ!) ਆਪਣੇ ਦਿਲ ਵਿਚ (ਰੱਬ ਨੂੰ) ਭਾਲ, ਸਿਰਫ਼ ਦਿਲ ਵਿਚ ਹੀ ਲੱਭ, ਇਹ ਦਿਲ ਹੀ ਉਸ ਦਾ ਨਿਵਾਸ ਥਾਂ ਹੈ, ਉਸ ਦਾ ਮੁਕਾਮ ਹੈ।2।
ਬ੍ਰਾਹਮਣ ਚੌਵੀ ਇਕਾਦਸ਼ੀਆਂ (ਦੇ ਵਰਤ ਰੱਖਣ ਦੀ ਆਗਿਆ) ਕਰਦੇ ਹਨ, ਕਾਜ਼ੀ ਰਮਜ਼ਾਨ ਦੇ ਮਹੀਨੇ (ਰੋਜ਼ੇ ਰੱਖਣ ਦੀ ਹਿਦਾਇਤ) ਕਰਦੇ ਹਨ। ਇਹ ਲੋਕ (ਬਾਕੀ ਦੇ) ਗਿਆਰਾਂ ਮਹੀਨੇ ਲਾਂਭੇ ਹੀ ਰੱਖ ਦੇਂਦੇ ਹਨ, ਤੇ (ਕੋਈ) ਖ਼ਜ਼ਾਨਾ ਇੱਕੋ ਹੀ ਮਹੀਨੇ ਵਿਚੋਂ ਲੱਭਦੇ ਹਨ।3।
(ਅਸਲ ਗੱਲ ਇਹ ਹੈ ਕਿ) ਜੇ ਦਿਲ ਵਿਚ ਠੱਗੀ ਫ਼ਰੇਬ ਵੱਸਦਾ ਹੈ ਤਾਂ ਨਾਹ ਤਾਂ ਉਡੀਸੇ ਜਗਨ ਨਾਥ ਪੁਰੀ ਵਿਚ ਇਸ਼ਨਾਨ ਕਰਨ ਦਾ ਕੋਈ ਲਾਭ ਹੈ, ਨਾਹ ਮਸੀਤ ਵਿਚ ਜਾ ਕੇ ਸਿਜਦਾ ਕਰਨ ਦਾ ਫ਼ਾਇਦਾ ਹੈ, ਨਾਹ ਨਮਾਜ਼ ਪੜ੍ਹਨ ਦਾ ਲਾਭ ਹੈ, ਨਾਹ ਹੀ ਕਾਹਬੇ ਦਾ ਹੱਜ ਕਰਨ ਦਾ ਕੋਈ ਗੁਣ ਹੈ।4।
ਹੇ ਪ੍ਰਭੂ! ਇਹ ਸਾਰੇ ਇਸਤ੍ਰੀ ਮਰਦ ਜੋ ਤੂੰ ਪੈਦਾ ਕੀਤੇ ਹਨ, ਇਹ ਸਭ ਤੇਰਾ ਹੀ ਰੂਪ ਹਨ (ਤੂੰ ਹੀ ਆਪ ਇਹਨਾਂ ਵਿਚ ਵੱਸਦਾ ਹੈਂ) । ਤੂੰ ਹੀ, ਹੇ ਪ੍ਰਭੂ! ਅੱਲਾਹ ਹੈਂ ਤੇ ਰਾਮ ਹੈਂ। ਮੈਂ ਕਬੀਰ ਤੇਰਾ ਅੰਞਾਣ ਬੱਚਾ ਹਾਂ, (ਤੇਰੇ ਭੇਜੇ ਹੋਏ) ਅਵਤਾਰ ਪੈਗ਼ੰਬਰ ਮੈਨੂੰ ਸਭ ਆਪਣੇ ਦਿੱਸਦੇ ਹਨ।5।
ਕਬੀਰ ਆਖਦਾ ਹੈ– ਹੇ ਨਰ ਨਾਰੀਓ! ਸੁਣੋ, ਇਕ ਪਰਮਾਤਮਾ ਦੀ ਸ਼ਰਨ ਪਵੋ (ਉਹੀ ਅੱਲਾਹ ਹੈ, ਉਹੀ ਰਾਮ ਹੈ) । ਹੇ ਬੰਦਿਓ! ਸਿਰਫ਼ ਨਾਮ ਜਪੋ, ਯਕੀਨ ਨਾਲ ਜਾਣੋ, ਤਾਂ ਹੀ (ਸੰਸਾਰ-ਸਾਗਰ ਤੋਂ) ਤਰ ਸਕੋਗੇ।6।2।