What distinguishes the normal aarti from aarti aarta?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
. What I understand is that AARTI as performed in VEDANTIC belief system is idol worship. IN SIKHI THERE IS NO SUCH AARTI. GURU says the whole universe itself is an AARTI, IT IS HAPPENING ITSELF.
ਸਤਿਕਾਰ ਯੋਗ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਆਰਤੀ ਤੇ ਆਰਤਾ ਵਿਚ ਕੀ ਫ਼ਰਕ ਹੈ?
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਹਿੰਦੂ ਧਰਮ ਅਨੁਸਾਰ ਆਰਤੀ ਦਾ ਸਰੂਪ ਹੇਠਾਂ ਦੱਸਿਆ ਗਿਆ ਹੈ:-
ਆਰਤੀ – {Waving lights before an image} ਥਾਲ ਵਿਚ ਫੁੱਲ ਰੱਖ ਕੇ ਜਗਦਾ ਦੀਵਾ ਰੱਖ ਕੇ ਚੰਦਨ ਆਦਿਕ ਸੁਗੰਧੀਆਂ ਲੈ ਕੇ ਕਿਸੇ ਮੂਰਤੀ ਅੱਗੇ ਉਹ ਥਾਲ ਹਿਲਾਈ ਜਾਣਾ ਤੇ ਉਸ ਦੀ ਉਸਤਤਿ ਵਿਚ ਭਜਨ ਗਾਉਣੇ। ਇਹ ਉਸ ਮੂਰਤੀ ਦੀ ਆਰਤੀ ਕਹੀ ਜਾਂਦੀ ਹੈ। ਹਿੰਦੂ ਮਤ ਅਨੁਸਾਰ ਚਾਰ ਵਾਰੀ ਚਰਨਾਂ ਅੱਗੇ, ਦੋ ਵਾਰੀ ਨਾਭੀ ਉਤੇ, ਇੱਕ ਵਾਰੀ ਮੂੰਹ ਉਤੇ ਅਤੇ ਸੱਤ ਵਾਰੀ ਸਾਰੇ ਸਰੀਰ ਉਤੇ ਦੀਵੇ ਘੁਮਾਉਣੇ ਚਾਹੀਦੇ ਹਨ। ਦੀਵੇ ਇੱਕ ਤੋਂ ਲੈ ਕੇ ਇਕ ਸੌ ਤਕ ਹੁੰਦੇ ਹਨ।
ਪਹਿਲੇ ਸਰੀਰ ਗੁਰੂ, ਗੁਰੂ ਨਾਨਕ ਸਾਹਿਬ ਜੀ ਨੇ ਇਸ ਆਰਤੀ ਦੀ ਨਿਖੇਧੀ ਕਰ ਕੇ ਕਰਤਾਰ ਦੀ ਕੁਦਰਤੀ ਆਰਤੀ ਦੀ ਵਡਿਆਈ ਕੀਤੀ ਹੈ। ਸਿੱਖ ਇਤਿਹਾਸ ਅਨੁਸਾਰ ਇਹ ਆਰਤੀ ਗੁਰੂ ਸਾਹਿਬ ਨੇ ਜਗਨਨਾਥਪੁਰੀ ਦੇ ਪਾਂਡਿਆਂ ਨੂੰ, ਜੋ ਮੂਰਤੀਆਂ ਦੀ ਆਰਤੀ ਕਰ ਰਹੇ ਸਨ, ਨੂੰ ਕੁਦਰਤ ਦੁਆਰਾ ਕੀਤੀ ਜਾ ਰਹੀ ਆਰਤੀ ਬਾਰੇ ਦੱਸਣ ਲਈ ਉਚਾਰਨ ਕੀਤੀ ਸੀ। ਗੁਰੁ ਗ੍ਰੰਥ ਸਾਹਿਬ ਵਿਚ ਇਹ ਆਰਤੀ ਦੋ ਜਗ੍ਹਾਂ ਦਰਜ਼ ਹੈ। ਇੱਕ ਸੋਹਿਲਾ ਬਾਣੀ ਵਿਚ ਪੰਨਾ 13 ਤੇ, ਅਤੇ ਦੂਸਰਾ ਧਨਾਸਰੀ ਰਾਗ ਵਿਚ ਪੰਨਾ 663 ਤੇ। ਦੋਨ੍ਹਾਂ ਸ਼ਬਦਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਨਾਲ ਹੀ ਦੋਨ੍ਹਾਂ ਸ਼ਬਦਾਂ ਵਿਚ ਥੋੜ੍ਹੇ ਜਿਹੇ ਅਰਥ ਭੇਦ ਹਨ, ਉਹ ਵੀ ਦੱਸੇ ਹਨ।
ਆਰਤੀ ਸ਼ਬਦ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਦੀ ਰਾਗ ਆਸਾ ਵਿਚ ਬਾਣੀ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 393 ਤੇ ਸੁਸ਼ੋਭਿਤ ਹੈ, ਦੇ ਵਿਚ ਵੀ ਆਇਆ ਹੈ ਤੇ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਜਿੱਥੇ ਅਕਾਲਪੁਰਖ ਦੀ ਸਦਾ ਆਨੰਦ ਦੇਣ ਵਾਲੀ ਸਿਫ਼ਤਿ-ਸਾਲਾਹ ਹੋ ਰਹੀ ਹੈ, ਇਹ ਸਿਫ਼ਤਿ-ਸਾਲਾਹ ਹੀ ਉਸ ਦੀ ਆਰਤੀ ਹੈ:-
ਆਰਤੀ ਕੀਰਤਨੁ ਸਦਾ ਅਨੰਦ ॥ (ਪੰਨਾ 393)
ਅਰਥ: ਜਿਥੇ ਉਸ ਦੀ ਸਦਾ ਆਨੰਦ ਦੇਣ ਵਾਲੀ ਸਿਫ਼ਤਿ-ਸਾਲਾਹ ਹੋ ਰਹੀ ਹੈ, ਇਹ ਸਿਫ਼ਤਿ-ਸਾਲਾਹ ਉਸ ਦੀ ਆਰਤੀ ਹੈ।
ਇਸ ਤੋਂ ਇਲਾਵਾ ਭਗਤ ਰਵਿਦਾਸ, ਭਗਤ ਸੈਣੁ ਤੇ ਭਗਤ ਕਬੀਰ ਜੀ ਦੀ ਬਾਣੀ ਦੀਆਂ ਜਿਨ੍ਹਾਂ ਤੁਕਾਂ ਵਿਚ ਆਰਤੀ ਲਫ਼ਜ਼ ਆਇਆ ਹੈ, ਉਹ ਤੇ ਉਨ੍ਹਾਂ ਦੇ ਅਰਥ ਹੇਠਾਂ ਦਿੱਤੇ ਹਨ ਜੀ। ਤੁਸੀਂ ਦੇਖੋਗੇ ਕਿ ਭਗਤ ਸਾਹਿਬਾਨ ਵੀ ਸ਼ਬਦ ਗੁਰੂ ਦੇ ਦੱਸੇ ਹੋਏ ਰਾਹ ਤੇ ਤੁਰਨ, ਪਰਮਾਤਮਾ ਨੂੰ ਅੰਗਸੰਗ ਸਮਝਣ ਅਰਥਾਤ ਉਸ ਨਾਲ ਜੁੜਨ ਨੂੰ ਹੀ ਉਸ ਦੀ ਆਰਤੀ ਤੇ ਤੀਰਥ ਇਸ਼ਨਾਨ ਦੱਸ ਰਹੇ ਹਨ।
ਹੁਣ ਆਉਂਦੇ ਹਾਂ ਲਫ਼ਜ਼ ਆਰਤਾ ਵੱਲ। ਇਹ ਲਫ਼ਜ਼ ਭਗਤ ਧੰਨਾ ਜੀ ਨੇ ਵਰਤਿਆ ਹੈ ਤੇ ਰਾਗ ਧਨਾਸਰੀ ਵਿਚ, ਗੁਰੂ ਗ੍ਰੰਥ ਸਾਹਿਬ ਦੇ ਪੰਨਾ 695, ਤੇ ਸੁਸ਼ੋਭਿਤ ਹੈ। ਸ਼ਬਦ ਦੀ ਤੁੱਕ ਤੇ ਅਰਥ ਇਸ ਪ੍ਰਕਾਰ ਹਨ:-
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ (ਪੰਨਾ 695)
ਪਦਅਰਥ: ਆਰਤਾ = ਲੋੜਵੰਦਾ, ਦੁਖੀਆ, ਮੰਗਤਾ ।।੧।ਰਹਾਉ।
ਅਰਥ: ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ) ; ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ।।੧।।ਰਹਾਉ।।
ਤੁਸੀਂ ਦੇਖ ਸਕਦੇ ਹੋ ਕਿ ਆਰਤਾ ਦੇ ਪਦ ਅਰਥ ਹਨ – ਲੋੜਵੰਦ, ਦੁਖੀਆ ਜਾਂ ਮੰਗਤਾ ਜਿਨ੍ਹਾਂ ਦਾ ਆਰਤੀ ਲਫ਼ਜ਼ ਨਾਲ ਕੋਈ ਸਬੰਧ ਨਹੀਂ ਹੈ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————–
ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ {ਪੰਨਾ 13}
ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥ {ਪੰਨਾ 663}
ਅਰਥ: ਸਾਰਾ ਆਕਾਸ਼ (ਮਾਨੋ) ਥਾਲ ਹੈ। ਸੂਰਜ ਤੇ ਚੰਦ (ਉਸ ਥਾਲ ਵਿਚ) ਦੀਵੇ ਬਣੇ ਹੋਏ ਹਨ। ਤਾਰਿਆਂ ਦੇ ਸਮੂਹ, ਮਾਨੋ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ। ਹਵਾ ਚੌਰ ਕਰ ਰਹੀ ਹੈ। ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਵਾਸਤੇ ਫੁੱਲ ਦੇ ਰਹੀ ਹੈ।1।
ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕੋ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਾਗਾਰੇ ਵੱਜ ਰਹੇ ਹਨ।1। ਰਹਾਉ।
(ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, (ਪਰ ਨਿਰਾਕਾਰ ਹੋਣ ਕਰਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ।1।
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ। ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ। (ਗੁਰੂ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ, ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।3।
ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।4।3।
ਦੋਨੋਂ ਸ਼ਬਦਾਂ ਵਿਚ ਅਰਥ ਭੇਦ
(ਪੰਨਾ 13)
ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
(ਪੰਨਾ 663)
ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
——————-
ਭਗਤ ਰਵਿਦਾਸ ਜੀ
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ (ਪੰਨਾ 694)
ਅਰਥ: ਹੇ ਪ੍ਰਭੂ! ਅੰਞਾਣ ਲੋਕ ਮੂਰਤੀਆਂ ਦੀ ਆਰਤੀ ਕਰਦੇ ਹਨ, ਪਰ ਮੇਰੇ ਲਈ) ਤੇਰਾ ਨਾਮ (ਤੇਰੀ) ਆਰਤੀ ਹੈ, ਤੇ ਤੀਰਥਾਂ ਦਾ ਇਸ਼ਨਾਨ ਹੈ। (ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਹੋਰ ਸਾਰੇ ਅਡੰਬਰ ਕੂੜੇ ਹਨ।੧।ਰਹਾਉ।
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ਕ ਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥ {ਪੰਨਾ 694}
ਅਰਥ: ਸਾਰੇ ਸੰਸਾਰ ਦੀ ਨਿੱਤ ਦੀ ਕਾਰ ਤਾਂ ਇਹ ਹੈ ਕਿ (ਤੇਰਾ ਨਾਮ ਭੁਲਾ ਕੇ) ਅਠਾਰਾਂ ਪੁਰਾਣਾਂ ਦੀਆਂ ਕਹਾਣੀਆਂ ਵਿਚ ਪਰਚੇ ਹੋਏ ਹਨ, ਅਠਾਹਠ ਤੀਰਥਾਂ ਦੇ ਇਸ਼ਨਾਨ ਨੂੰ ਹੀ ਪੁੰਨ-ਕਰਮ ਸਮਝ ਬੈਠੇ ਹਨ, ਤੇ, ਇਸ ਤਰ੍ਹਾਂ ਚਾਰ ਖਾਣੀਆਂ ਦੀਆਂ ਜੂਨਾਂ ਵਿਚ ਭਟਕ ਰਹੇ ਹਨ। ਰਵਿਦਾਸ ਆਖਦਾ ਹੈ-ਹੇ ਪ੍ਰਭੂ! ਤੇਰਾ ਨਾਮ ਹੀ (ਮੇਰੇ ਲਈ) ਤੇਰੀ ਆਰਤੀ ਹੈ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਦਾ ਹੀ ਭੋਗ ਮੈਂ ਤੈਨੂੰ ਲਾਉਂਦਾ ਹਾਂ।੪।੩।
—————-
ਭਗਤ ਸੈਣੁ
ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥ (ਪੰਨਾ 695)
ਅਰਥ: ਹੇ ਮਾਇਆ ਦੇ ਮਾਲਕ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ (ਤੈਥੋਂ ਸਦਕੇ ਜਾਣਾ ਹੀ) ਧੂਪ ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੇ ਕਰ ਕੇ ਤੇਰੀ ਆਰਤੀ ਕਰਨੀ ਹੈ।੧।
ਹੇ ਹਰੀ! ਹੇ ਰਾਜਨ! ਹੇ ਰਾਮ! ਤੇਰੀ ਮਿਹਰ ਨਾਲ (ਮੇਰੇ ਅੰਦਰ) ਸਦਾ (ਤੇਰੇ ਨਾਮ-ਸਿਮਰਨ ਦਾ) ਅਨੰਦ ਮੰਗਲ ਹੋ ਰਿਹਾ ਹੈ।੧।ਰਹਾਉ।
————-
ਭਗਤ ਕਬੀਰ ਜੀ
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥ (ਪੰਨਾ 1350)
ਅਰਥ: ਹੇ ਭਾਈ! ਗੁਰੂ ਦੇ ਦੱਸੇ ਹੋਏ ਰਾਹ ਤੇ ਤੁਰੋ, ਤੇ ਉਸ ਪ੍ਰਭੂ ਦੀ ਆਰਤੀ ਉਤਾਰੋ ਜੋ ਮਾਇਆ ਤੋਂ ਰਹਿਤ ਹੈ ਤੇ ਜੋ ਸਭ ਵਿਚ ਵਿਆਪਕ ਹੈ, ਜਿਸ ਦੇ ਕੋਈ ਖ਼ਾਸ ਚਿਹਨ-ਚੱਕ੍ਰ ਨਹੀਂ ਹਨ, ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ਤੇ ਜਿਸ ਦੇ ਦਰ ਤੇ ਖਲੋਤਾ ਬ੍ਰਹਮਾ ਵੇਦ ਵਿਚਾਰ ਰਿਹਾ ਹੈ।1। ਰਹਾਉ।
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥ {ਪੰਨਾ 1350}
ਅਰਥ: ਹੇ ਵਾਸ਼ਨਾ-ਰਹਿਤ ਨਿਰੰਕਾਰ! ਹੇ ਸਾਰਿੰਗਪਾਣ! ਮੈਂ ਤੇਰੇ ਦਾਸ ਕਬੀਰ ਨੇ ਭੀ ਤੇਰੀ (ਇਹੋ ਜਿਹੀ ਹੀ) ਆਰਤੀ ਕੀਤੀ ਹੈ (ਜਿਸ ਦੀ ਬਰਕਤਿ ਨਾਲ) ਤੂੰ ਮੈਨੂੰ ਅੰਗ-ਸੰਗ ਦਿੱਸ ਰਿਹਾ ਹੈਂ (ਤੇ ਮੇਰੇ ਅੰਦਰ ਇਕ ਐਸਾ ਆਨੰਦ ਬਣ ਰਿਹਾ ਹੈ, ਮਾਨੋ,) ਪੰਜ ਹੀ ਕਿਸਮਾਂ ਦੇ ਸਾਜ਼ (ਮੇਰੇ ਅੰਦਰ) ਇੱਕ-ਰਸ ਵੱਜ ਰਹੇ ਹਨ।3।5।
aarti