ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹਿ ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਨੂੰ ਅਗਰ ਪੜ੍ਹ ਕੇ ਵਿਚਾਰਨ ਦੀ ਕੋਸ਼ਿਸ਼ ਕੀਤੀ ਜਾਏ ਤਾਂ ਇਹ ਸਮਝ ਪੈਂਦੀ ਹੈ ਕਿ ਗੁਰੂ ਸਾਹਿਬਾਨਾਂ ਨੇ ਸਾਰੀ ਬਾਣੀ ਦੇ ਰਾਂਹੀ ਸਾਨੂੰ ਕੁਛ ਸਮਝਾਉਣਾ ਚਾਹਿਆ, ਕੋਈ ਆਦੇਸ਼ ਦਿੱਤਾ, ਕੋਈ ਬਹੁਤ ਵੱਡਾ ਭੇਤ ਦੱਸਿਆ, ਜੋ ਕਿ ਸਾਨੂੰ ਸਮਝਣ ਦੀ ਲੋੜ ਹੈ ਅਤੇ ਫਿਰ ਉਸਦੇ ਅਨੁਸਾਰ ਹੀ ਜੀਵਨ ਜਿਉਣਾ ਚਾਹੀਦਾ ਹੈ ਪਰ ਜੇ ਸਾਰੀ ਪੱਵਿਤਰ ਬਾਣੀ ਸਮਝਣ ਦੇ ਲਈ ਹੀ ਹੈ ਤਾਂ ਫਿਰ ਇਕ ਸਵਾਲ ਉਠਦਾ ਹੈ ਕਿ ਨਾਮ ਜਪਣਾ ਕੀ ਹੈ ? ਜਿਸਦਾ ਜ਼ਿਕਰ ਵਾਰ ਵਾਰ ਬਾਣੀ ਵਿਚ ਕੀਤਾ ਗਿਆ ਹੈ ਕਿ ਜਿੰਨਾ ਨੇ ਉਸ ਅਕਾਲ ਪੁਰਖ ਵਾਹਿਗੁਰੂ ਦਾ ਨਾਮ ਜਪਿਆ ਹੈ, ਉਸ ਦੀ ਸਿਫਤ ਸਲਾਹ ਕੀਤੀ ਹੈ, ਓਹਨਾ ਨੇ ਹੈ ਪਰਮਾਤਮਾ ਨੂੰ ਪਾ ਲਿਆ ਹੈ।
੧. ਕੀ ਰੋਜ਼ਾਨਾ ਨਿੱਤਨੇਮ ਅਨੁਸਾਰ ਬਾਣੀ ਦਾ ਜਾਪ ਕਰਨਾ ਹੀ ਨਾਮ ਜਪਣਾ ਹੈ ?
੨. ਜਾਂ ਫਿਰ ਵਾਹਿਗੁਰੂ ਵਾਹਿਗੁਰੂ ਸ਼ਬਦ ਦਾ ਵਾਰ ਵਾਰ ਜਾਪ ਕਰਨਾ ਨਾਮ ਜਪਣਾ ਹੈ ?
੩. ਜਾਂ ਫਿਰ ਕੀਰਤਨ ਸੁਣਨਾ ਨਾਮ ਜਪਣਾ ਹੈ ?
੪. ਜਾਂ ਫਿਰ ਅਸਲ ਵਿੱਚ ਬਾਣੀ ਨੂੰ ਸਮਝਣਾ ਤੇ ਫਿਰ ਉਸ ਦੇ ਅਨੁਸਾਰ ਜੀਵਨ ਜਿਉਣਾ ਹੀ ਨਾਮ ਜਪਣਾ ਹੈ ?
ਅਕਾਲ ਪੁਰਖ ਵਾਹਿਗੁਰੂ ਜੀ ਦਿੱਤੀ ਸਮਝ ਅਨੁਸਾਰ ਇਹ ਜਾਪਦਾ ਹੈ ਕਿ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਸਾਰੀ ਬਾਣੀ ਸਾਰੇ ਗੁਰੂ ਸਾਹਿਬਾਨਾਂ ਅਤੇ ਭਗਤਾਂ ਜਿੰਨਾ ਜਿੰਨਾ ਨੇ ਵੀ ਪਰਮਾਤਮਾ ਨੂੰ ਪਾਇਆ ਓਹਨਾ ਦਾ ਆਤਮਿਕ ਅਨੁਭਵ ਹੈ ਅਤੇ ਸਾਨੂੰ ਇਸ ਪੱਵਿਤਰ ਬਾਣੀ ਨੂੰ ਖੋਜ ਦੇ ਤਰੀਕੇ ਨਾਲ ਪੜ੍ਹਨਾ ਅਤੇ ਸਮਝਣਾ ਚਾਹੀਦਾ ਹੈ ਅਤੇ ਉਸਦੇ ਅਨੁਸਾਰ ਜੀਵਨ ਜਿਉਣਾ ਚਾਹੀਦਾ ਹੈ, ਜੇਕਰ ਬਾਣੀ ਨੂੰ ਸਮਝ ਕੇ ਪੜ੍ਹਨਾ ਤੇ ਉਸਦੇ ਅਨੁਸਾਰ ਉੱਚੇ ਆਚਰਣ ਵਾਲਾ ਜੀਵਨ ਜਿਉਣਾ ਤੇ ਹਰ ਇਕ ਗੱਲ ਦੀ ਸੇਧ ਬਾਣੀ ਤੋਂ ਲੈਕੇ ਹੀ ਜੀਵਨ ਜਿਉਣਾ ਹੀ ਨਾਮ ਜਪਣਾ ਹੈ ਤਾਂ ਫਿਰ :
ਰੋਜ਼ਾਨਾ ਸਵੇਰੇ ਉੱਠ ਬਿਨਾ ਸਮਝੇ ਸਿਰਫ ਬਾਣੀ ਦਾ ਮੂੰਹ ਨਾਲ ਪੜ੍ਹਨਾ ਕੀ ਹੈ ? ਨਿੱਤਨੇਮ ਕੀ ਹੈਂ? ਆਖੰਡ ਪਾਠ ਕਰਨੇ ਜਾਂ ਕਰਾਉਣੇ ਕੀ ਹੈ ? ਸੰਗਤੀ ਰੂਪ ਵਿਚ ਇਕੱਠੇ ਹੋ ਕੇ ਸੁਖਮਨੀ ਸਾਹਿਬ ਦੇ ਪਾਠ ਕਰਨੇ ਕੀ ਹੈ ? ਚੋਪਹਿਰਾ ਕੀ ਹੈ ?
In fact you answered your question in item 4. That is SIKHI, nothing more.
ਵੀਰ ਜੀ/ਭੈਣ ਜੀ, ਤੁਸੀਂ ਬਹੁਤ ਸਾਰੇ ਪ੍ਰਸ਼ਨ ਪੁੱਛੇ ਹਨ। ਦਾਸ ਇਨ੍ਹਾਂ ਦਾ ਉੱਤਰ ਵੱਖ ਵੱਖ ਦੇਣ ਦੀ ਕੋਸ਼ਿਸ਼ ਕਰੇਗਾ।
ਚੁਪਿਹਰਾ
ਦਾਸ ਦੀ ਸਮਝ ਅਨੁਸਾਰ ਇਹ ਇੱਕ ਨਵਾਂ ਕਰਮਕਾਂਡ ਸ਼ੁਰੂ ਕੀਤਾ ਗਿਆ ਹੈ ਕਿਉਂਕਿ ਇਹ ਮੁੱਢੋਂ ਹੀ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਅਨੁਸਾਰ ਨਹੀਂ ਹੈ। ਗੁਰਬਾਣੀ ਸਿਖਾਉਂਦੀ ਹੈ:-
ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
(ਪੰਨਾ 184)
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥ {ਪੰਨਾ 191}
ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ {ਪੰਨਾ 269}
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਇਹ ਕੁੱਝ ਉਦਾਹਰਣਾਂ ਦਾਸ ਦੁਆਰਾ ਦਿੱਤੀਆਂ ਗਈਆਂ ਹਨ ਇਹ ਸਮਝਾਉਣ ਲਈ ਕਿ ਗੁਰਬਾਣੀ ਅੱਠੇ ਪਹਿਰ ਅਤੇ ਸਾਸ ਸਾਸ ਸਿਮਰਨ ਦੀ ਸਿੱਖਿਆ ਦਿੰਦੀ ਹੈ। ਫਿਰ ਚੁਪਿਹਰੇ ਦਾ ਕੀ ਅਰਥ ਰਹਿ ਜਾਂਦਾ ਹੈ। ਸਾਨੂੰ ਗੁਰਬਾਣੀ ਦੀ ਰੋਸ਼ਨੀ ਵਿਚ ਇਹੋ ਜਿਹੇ ਨਵੇਂ ਨਵੇਂ ਕਰਮਕਾਂਡਾਂ, ਜੋ ਸਿਰਫ਼ ਤੇ ਸਿਰਫ਼ ਸੰਗਤਾਂ ਕੋਲੋਂ ਮਾਇਆ ਇਕੱਠੀ ਕਰਨ ਵਾਸਤੇ ਸ਼ੁਰੂ ਕੀਤੇ ਜਾ ਰਹੇ ਹਨ, ਤੋਂ ਬੱਚਣਾ ਚਾਹੀਦਾ ਹੈ। ਅਕਾਲਪੁਰਖ ਮਿਹਰ ਕਰਣ!
ਨਾਮ ਜਪਣਾ
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਲੱਗਦਾ ਹੈ ਕਿ ਅਸੀਂ ਭੁੱਲ ਗਏ ਹਾਂ ਕਿ ਚੌਕੜੀ ਮਾਰ ਕੇ, ਕੁੱਝ ਸਮਾਂ ਬੈਠ ਕੇ, ਕਿਸੇ ਲਫ਼ਜ਼ ਨੂੰ ਦੁਹਰਾਉਣਾ, ਨਾਮ ਸਿਮਰਨ ਹੈ ਜਦੋਂ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 71 ਤੇ ਗੁਰੂ ਸਾਹਿਬ ਫੁਰਮਾਉਂਦੇ ਹਨ:
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਅੱਗੇ ਤੀਸਰੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 515 ਤੇ ਸੁਸ਼ੋਭਿਤ ਆਪਣੇ ਸਲੋਕ ਵਿਚ ਫੁਰਮਾਉਂਦੇ ਹਨ ਕਿ ਬਾਣੀ ਦੀ ਸਿਫ਼ਤ ਸਲਾਹ ਕਰਨਾ ਤੇ ਹੁਕਮ ਵਿਚ ਤੁਰਨਾ ਹੀ ਹਰ ਵੇਲੇ ਪ੍ਰਭੂ ਦਾ ਨਾਮ ਜਪਣਾ ਹੈ:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਪੱਸ਼ਟ ਕਰ ਰਹੇ ਹਨ ਕਿ ਜੋ ਮਨੁੱਖ ਸਚਿਆਰ/ਗੁਣਵਾਨ ਅਰਥਾਤ ਗੁਰਮੁਖ ਬਣਦਾ ਹੈ (ਅਰਥਾਤ ਗੁਰਬਾਣੀ ਦੀ ਸਿੱਖਿਆ ਤੇ ਚੱਲਦਾ ਹੈ ਅਤੇ ਵਿਕਾਰਾਂ ਤੋਂ ਛੁਟਕਾਰਾ ਪਾਉਂਦਾ ਹੈ) ਅਤੇ ਹੁਕਮ ਵਿਚ ਰਹਿੰਦਾ ਹੈ, ਉਸ ਨੂੰ ਬਾਣੀ ਦੀ ਸਿਫਤ-ਸਲਾਹ ਦੀ ਦਾਤ ਮਿਲਦੀ ਹੈ ਅਰਥਾਤ ਉਹ ਹਰ ਵੇਲੇ ਨਾਮ ਜਪਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਮਨੁੱਖ ਬਾਣੀ ਵਿਚ ਜੁੜ ਸਕਦਾ ਹੈ ਜਾਂ ਸਕੇਗਾ।
ਜੋ ਮਨੁੱਖ ਇਸ ਤਰ੍ਹਾਂ ਅਕਾਲਪੁਰਖ ਅਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਦਾ ਹੈ, ਉਹ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਦਾ ਹੈ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਮੁਕਤੀ ਦੀ ਅਵਸਥਾ ਪ੍ਰਾਪਤ ਕਰਨਾ ਹੈ।
ਗੁਰਮੁਖ ਤੇ ਮਨਮੁਖ
ਗੁਰਬਾਣੀ ਅਨੁਸਾਰ, ਗੁਰਮੁਖ ਉਹ ਮਨੁੱਖ ਹੈ ਜਿਸ ਦਾ ਮੂੰਹ ਗੁਰੂ ਵਲ ਹੈ ਅਰਥਾਤ ਜੋ ਹਮੇਸ਼ਾਂ ਗੁਰੂ ਦੇ ਸਨਮੁਖ ਹੈ ਅਰਥਾਤ ਆਪਣੇ ਜੀਵਨ ਦੀ ਗੱਡੀ ਨੂੰ ਗੁਰੂ ਦੀ ਸਿੱਖਿਆ ਅਨੁਸਾਰ ਚਲਾਂਦਾ ਹੈ ਕਦੇ ਗੁਰੂ ਵੱਲ ਪਿੱਠ ਨਹੀਂ ਕਰਦਾ ਤੇ ਗੁਰੂ ਦੀ ਸਿੱਖਿਆ ਤੇ ਚੱਲ ਕੇ, ਵਿਕਾਰਾਂ/ਔਗੁਣਾਂ ਤੋਂ ਛੁਟਕਾਰਾ ਪਾ ਕੇ, ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਂਦਾ ਹੈ ਤੇ ਜੀਵਨ ਮੁਕਤ ਹੋ ਜਾਂਦਾ ਹੈ।
ਇਸ ਦੇ ਉੱਲਟ ਮਨਮੁਖ, ਉਹ ਮਨੁੱਖ ਹੈ ਜਿਸ ਦਾ ਮੂੰਹ ਆਪਣੇ ਮਨ ਵਲ ਹੈ, ਗੁਰੂ ਤੋਂ ਬੇਮੁੱਖ ਅਰਥਾਤ ਗੁਰੂ ਵੱਲ ਉਸ ਦੀ ਪਿੱਠ ਹੈ, ਗੁਰੂ ਦੀ ਸਿੱਖਿਆ ਤਾਂ ਲੈਣੀ ਦੂਰ ਰਹੀ, ਉਸ ਦੇ ਨੇੜੇ ਵੀ ਨਹੀਂ ਜਾਂਦਾ, ਹਉਮੈ/ਔਗੁਣਾਂ ਵਿਚ ਫ਼ਸਿਆ ਰਹਿੰਦਾ ਹੈ, ਮਾਇਆ ਦੇ ਬੰਧਨਾਂ/ਵਿਕਾਰਾਂ ਵਿਚ ਫ਼ਸਿਆ ਹੋਇਆ ਹੀ ਆਪਣਾ ਜੀਵਨ ਗੁਜ਼ਾਰ ਜਾਂਦਾ ਹੈ ਤੇ ਠੇਡੇ ਖਾਂਦਾ ਹੋਇਆ ਹੀ ਆਪਣੇ ਜੀਵਨ ਦੀ ਬਾਜ਼ੀ ਹਾਰ ਕੇ ਚਲਾ ਜਾਂਦਾ ਹੈ।
ਹੇਠਾਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਮਾਝ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 131 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਜਿਸ ਵਿਚ ਗੁਰੂ ਸਾਹਿਬ ਨੇ ਬਹੁਤ ਸਾਰੇ ਸਵਾਲ ਪੁੱਛੇ ਹਨ ਤੇ ਫ਼ਿਰ ਜਵਾਬ ਵੀ ਦਿੱਤੇ ਹਨ। ਇਸ ਸ਼ਬਦ ਵਿਚ ਗੁਰੂ ਸਾਹਿਬ ਨੇ ਗੁਰਮੁਖ ਤੇ ਮਨਮੁਖ ਬਾਰੇ ਬਹੁਤ ਸੁੰਦਰ ਤਰੀਕੇ ਨਾਲ ਸਮਝਾਇਆ ਹੈ।
ਇਹ ਠੀਕ ਹੈ ਕਿ ਇਹ ਸਾਰੇ ਸੰਸਾਰ ਦੀ ਖੇਡ ਅਕਾਲਪੁਰਖ ਨੇ ਆਪ ਹੀ ਰਚੀ ਹੈ ਪਰ ਉਸ ਨੇ ਮਨੁੱਖ/ਸਿੱਖ ਨੂੰ ਕਰਮ ਕਰਨ ਦੀ ਪੂਰੀ ਅਜ਼ਾਦੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ ਅਰਥਾਤ ਗੁਰਮੁਖ ਬਣਨਾ ਹੈ ਜਾਂ ਮਨਮੁਖ।
—————————-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।
ਗਿਣਤੀ ਦੇ ਪਾਠ ਤੇ ਗਿਣਤੀਆਂ ਗਿਣ ਕੇ ਸਿਮਰਨ ਕਰਨ ਵਾਲਿਆਂ ਨੂੰ ਵਿਚਾਰ ਲਈ ਸਮਰਪਿਤ
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥
(ਪੰਨਾ 7)
ਅਰਥ: ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ, (ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ) । ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ। ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ,) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ) । ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) । 32।
ਵੀਰ ਜੀ/ਭੈਣ ਜੀ, ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨਾਂ ਦੇ ਉੱਤਰ ਮਿਲ ਗਏ ਹੋਣਗੇ? ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।